ਨਵੀਂ ਦਿੱਲੀ, 3 ਜੂਨ 2021: ਸੀਬੀਐਸਈ ਵਲੋਂ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਕਈ ਰਾਜ ਸਰਕਾਰਾਂ ਨੇ ਵੀ ਇਸ ਪ੍ਰੀਖਿਆ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰਾਖੰਡ ਦੇ ਸਿੱਖਿਆ ਬੋਰਡਾਂ ਨੇ ਆਪਣੇ ਰਾਜਾਂ ਵਿਚ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਜਦਕਿ ਯੂਪੀ ਵੀ ਇਸ ਦੀ ਘੋਸ਼ਣਾ ਜਲਦ ਕਰ ਸਕਦੀ ਹੈ। ਕਈ ਹੋਰ ਰਾਜ ਵੀ ਅਜਿਹੀ ਘੋਸ਼ਣਾ ਕਰ ਸਕਦੇ ਹਨ।
ਇਸ ਤੋਂ ਬਾਅਦ ਮਹਾਰਾਸ਼ਟਰ, ਪੱਛਮੀ ਬੰਗਾਲ, ਕਰਨਾਟਕ ਤੇ ਹਿਮਾਚਲ ਪ੍ਰਦੇਸ਼ ਨੇ ਕਿਹਾ ਕਿ ਉਹ ਵੀ ਜਲਦ ਹੀ ਇਸ ‘ਤੇ ਫੈਸਲਾ ਲੈ ਸਕਦੇ ਹਨ। ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੀਬੀਐਸਈ ਕਲਾਸ 12ਵੀਂ ਦੀ ਬੋਰਡ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ।
ਉਧਰ ਹੀ ਰਾਜਸਥਾਨ ਬੋਰਡ ਵੱਲੋਂ ਵੀ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸੀ.ਐੱਮ. ਅਸ਼ੌਕ ਗਲਿਹੋਤ ਦੀ ਪ੍ਰਧਾਨਗੀ ਚ ਵੀਡੀਓ ਕਾਨਫਰੰਸ ਦੇ ਜਰੀਏ ਹੋਈ ਰਾਜ ਮੰਤਰੀ ਪ੍ਰੀਸ਼ਦ ਦੀ ਬੈਠਕ ਚ ਇਸ ਗੱਲ ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਡਾਕਟਰ ਮਾਹਿਰ ਕੋਰੋਨਾ ਦੀ ਤੀਜੀ ਲਹਿਰ ਨਾਲ ਬੱਚਿਆਂ ਦੇ ਜ਼ਿਆਦਾ ਪ੍ਰਭਾਵਿਤ ਹੋਣ ਦੀ ਗੱਲ ਕਰ ਰਹੇ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜਰ ਇਹ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ ਮੋਦੀ ਨੇ ਕਿਹਾ, “ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਣ ਹੈ ਅਤੇ ਇਸ ‘ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।”