ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਅੰਦਰਲੇ ਮਤਭੇਦ ਕਾਰਨ ਸਿਆਸੀ ਗਰਮੀ ਵੱਧਦੀ ਜਾ ਰਹੀ ਹੈ । ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦਰਮਿਆਨ ਹੋਏ ਵਿਵਾਦ ਨੇ ਕਾਂਗਰਸ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਹਾਲਾਂਕਿ, ਕਾਂਗਰਸ ਹਾਈ ਕਮਾਨ ਵੀ ਇਸ ਵਿਵਾਦ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ਪਰ ਪਿਛਲੇ ਦਿਨੀਂ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਨੂੰ ਖ਼ਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਐਤਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਸੁਨੀਲ ਜਾਖੜ ਦੀ ਪ੍ਰਧਾਨਗੀ, ਕੈਪਟਨ ਅਮਰਿੰਦਰ ਤੇ ਨਵਜੋਤ ਸਿੱਧੂ ਦਰਮਿਆਨ ਚੱਲ ਰਹੇ ਵਿਵਾਦ ਨੂੰ ਲੈ ਕੇ ਨਾਰਾਜ਼ ਕਾਂਗਰਸੀ ਨੇਤਾਵਾਂ ਵੱਲੋਂ ਉਠਾਏ ਗਏ ਸਵਾਲਾਂ ਬਾਰੇ ਬੈਠਕ ਵਿੱਚ ਵੱਡੇ ਪੱਧਰ ‘ਤੇ ਚਰਚਾ ਹੋਈ। ਪੈਨਲ ਮੈਂਬਰਾਂ ਨੇ ਰਾਹੁਲ ਨੂੰ ਮੁੱਖ ਮੰਤਰੀ ਅਮਰਿੰਦਰ ਦੇ ਚਾਰ ਸਾਲਾਂ ਦੇ ਕੰਮ, ਮੰਤਰੀਆਂ ਤੇ ਵਿਧਾਇਕਾਂ ਵੱਲੋਂ ਦਿੱਤੀਆਂ ਸਮੱਸਿਆਵਾਂ ਤੇ ਸੁਝਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਚੋਣਾਂ ਵਿੱਚ ਨਵਜੋਤ ਸਿੰਘ ਸਿੱਧੂ ਦੀ ਆਉਣ ਵਾਲੀ ਭੂਮਿਕਾ ‘ਤੇ ਵੀ ਵਿਚਾਰ ਕੀਤਾ ਗਿਆ।
