ਪੰਜਾਬ ਕਾਂਗਰਸ ਵਿੱਚ ਕਾਟੋਕਲੇਸ਼ ਵੱਡੇ ਪੱਧਰ ‘ਤੇ ਚੱਲ ਰਿਹਾ ਹੈ ਇਸਦੇ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ । ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਵੱਖਰੇ ਤੌਰ ‘ਤੇ ਮੁਲਾਕਾਤ ਕਰਨਗੇ ।
ਦਰਅਸਲ, ਸਿੱਧੂ ਦੀ ਹਾਈਕਮਾਨ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਰਾਜ ਵਿੱਚ ਪਾਰਟੀ ਦੇ ਅੰਦਰ ਬਵਾਲ ਨੂੰ ਲੈ ਕੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵੱਲੋਂ ਰਾਜ ਦੇ ਮੁੱਖ ਮੰਤਰੀ ਸਣੇ ਸਾਰੇ ਪ੍ਰਮੁੱਖ ਨੇਤਾਵਾਂ ਨਾਲ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਰਿਪੋਰਟ ਕਾਂਗਰਸ ਹਾਈ ਕਮਾਨ ਨੂੰ ਦਿੱਤੀ ਗਈ ਸੀ ।
ਇਹ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਨੂੰ ਖਤਮ ਕਰਨ ਲਈ ਸਿੱਧੂ ਨੂੰ ਹਾਈਕਮਾਨ ਨੇ ਦੁਬਾਰਾ ਗੱਲਬਾਤ ਲਈ ਸੱਦਾ ਦਿੱਤਾ ਹੈ । ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦੂਜੀ ਵਾਰ ਗੱਲਬਾਤ ਲਈ ਬੁਲਾਇਆ ਗਿਆ ਸੀ।
ਦੱਸ ਦੇਈਏ ਕਿ ਸਿੱਧੂ ਨੂੰ ਕਾਂਗਰਸ ਹਾਈਕਮਾਨ ਦੇ ਬੁਲਾਵੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਪੈਦਾ ਹੋ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ ’ਤੇ ਆ ਕੇ ਟਿੱਕ ਗਈਆਂ ਹਨ । ਇਸ ਮਾਮਲੇ ਵਿੱਚ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ ।