ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਦੀਆਂ ਮੁਸ਼ਕਿਲਾਂ ਵਿੱਚ ਘਿਰਦੇ ਜਾ ਰਹੇ ਹਨ। ਜਿਥੇ ਜਬਰ ਜਨਾਹ ਮਾਮਲੇ ਦੀ ਪੀੜਤ ਨੇ ਪਹਿਲਾਂ ਪੁਲਿਸ ਥਾਣਿਆਂ ਦੇ ਚੱਕਰ ਕੱਢੇ ਸਨ ਹੁਣ ਉਸਨੂੰ ਅਦਲਾਸਤ ਨੇ ਇਨਸਾਫ਼ ਦਬਾਉਣ ਦੇ ਲਈ ਪਹਿਲ ਕਦਮੀ ਕੀਤੀ ਹੈ। ਜਿਸ ਦੇ ਚਲਦਿਆਂ ਅਦਾਲਤ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਮਾਮਲੇ ਵਿਚ ਇੱਕ 45 ਸਾਲਾ ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦਾ ਨਿਪਟਾਰਾ ਕਰਦਿਆਂ, ਲੁਧਿਆਣਾ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਥਾਣਾ ਡਵੀਜ਼ਨ ਨੰਬਰ 6 ਦੇ ਐਸਐਚਓ ਨੂੰ ਕੇਸ ਦਰਜ ਕਰਨ ਲਈ ਕਿਹਾ ਹੈ ਅਤੇ ਐਫਆਈਆਰ ਦੀ ਕਾਪੀ ਅਦਾਲਤ ਨੂੰ ਭੇਜਣ ਦੇ ਆਦੇਸ਼ ਵੀ ਦਿੱਤੇ ਹਨ।
ਅਦਾਲਤ ਨੇ ਪੁਲਿਸ ਨੂੰ ਬਲਾਤਕਾਰ ਦੇ ਨਾਲ ਸਬੂਤਾਂ ਨਾਲ ਛੇੜਛਾੜ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਹਾਲਾਂਕਿ, ਇਸ ਮਾਮਲੇ ਵਿਚ ਅਜੇ ਤੱਕ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ। ਵਿਧਾਇਕ ਬੈਂਸ ਦੇ ਨਾਲ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ ਅਤੇ ਗੋਗੀ ਸ਼ਰਮਾ ਨੂੰ ਵੀ ਇਸ ਕੇਸ ਵਿਚ ਮੁਲਜ਼ਮ ਬਣਾਇਆ ਗਿਆ ਹੈ।
ਲੁਧਿਆਣਾ ਦੀ ਇਕ ਔਰਤ ਨੇ ਵਿਧਾਇਕ ਬੈਂਸ ਖਿਲਾਫ਼ ਬਲਾਤਕਾਰ ਸਮੇਤ ਹੋਰ ਦੋਸ਼ ਲਗਾਏ ਸਨ। ਪੁਲਿਸ ਵੱਲੋਂ ਕੇਸ ਦਰਜ ਨਾ ਕੀਤੇ ਜਾਣ ‘ਤੇ ਔਰਤ ਨੇ ਐਡਵੋਕੇਟ ਹਰੀਸ਼ ਰਾਏ ਢਾਂਡਾ ਅਤੇ ਹੋਰ ਸਾਥੀ ਵਕੀਲਾਂ ਰਾਹੀਂ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਛੇ ਦੇ ਹਲਕਾ ਮੈਜਿਸਟਰੇਟ ਪਲਵਿੰਦਰ ਸਿੰਘ ਦੀ ਅਦਾਲਤ ਵਿਚ ਵਿਧਾਇਕ ਤੇ ਉਸ ਦੇ ਸਾਥੀਆਂ ਖਿਲਾਫ਼ ਬਲਾਤਕਾਰ, ਛੇੜਛਾੜ, ਧਮਕਾਉਣ ਅਤੇ ਸਾਜ਼ਿਸ਼ ਦੇ ਦੋਸ਼ ਲਗਾ ਕੇ ਇਕ ਦਰਖ਼ਾਸਤ 156(3) ਸੀਆਰਪੀਸੀ ਦੇ ਤਹਿਤ ਲਗਾਈ ਸੀ।
ਇਸ ਮਾਮਲੇ ਦੀ ਅਗਲੀ ਸੁਣਵਾਈ 15 ਜੁਲਾਈ ਨੂੰ ਹੋਵੇਗੀ। ਜਿਸ ਵਿਚ ਪੁਲਿਸ ਨੂੰ ਕੋਰਟ ਦੇ ਆਦੇਸ਼ ਦੀ ਕੰਪਲਾਇੰਸ ਰਿਪੋਰਟ ਦੇਣੀ ਹੋਵੇਗੀ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਰਟ ਦੇ ਆਦੇਸ਼ ਆਉਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ ਮਾਮਲੇ ਵਿਚ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ 14 ਪੰਨਿਆਂ ਦੇ ਆਦੇਸ਼ ਵਿਚ ਕਿਹਾ ਕਿ ਵਿਧਾਇਕ ਅਤੇ ਉਸ ਦੇ ਸਾਥੀਆ ਉੱਤੇ ਗੰਭੀਰ ਦੋਸ਼ ਲਗਾਏ ਗਏ ਹਨ। ਜਿਸ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਲੋੜ ਹੈ।