ਪੰਜਾਬ ਕਾਂਗਰਸ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ।
ਕਾਂਗਰਸ ਦੀ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣ ਲਈ ਕਿਹਾ ਹੈ। ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਨੂੰ ਹਟਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਹੁਣ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਅੱਜ ਸ਼ਾਮ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਏ ਜਾਣ ਦੀ ਸੰਭਾਵਨਾ ਹੈ।
ਵਿਧਾਇਕ ਦਲ ਦੀ ਮੀਟਿੰਗ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਹੋਵੇਗੀ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਮਰਥਕਾਂ ਦੀ 2 ਵਜੇ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਂ ਨਵੇਂ ਮੁੱਖ ਮੰਤਰੀ ਵਜੋਂ ਚੱਲ ਰਹੇ ਹਨ।
ਦੂਜੇ ਪਾਸੇ ਪੰਜਾਬ ਕਾਂਗਰਸ ਭਵਨ ਵਿਚ ਹਲਚਲ ਤੇਜ਼ ਹੋ ਗਈ ਹੈ। ਏਐਨਆਈ ਅਨੁਸਾਰ ਪੰਜਾਬ ਦੇ ਤਿੰਨ ਬਾਗੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਕਾਂਗਰਸ ਭਵਨ ਪਹੁੰਚੇ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੀ ਸੂਬਾ ਕਾਂਗਰਸ ਦਫਤਰ ਪਹੁੰਚੇ ਹਨ।