ਰਣਜੀਤ ਸਿੰਘ ਕਤਲ ਮਾਮਲੇ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਰਾਮ ਰਹੀਮ ‘ਤੇ 31 ਲੱਖ ਦਾ ਜ਼ੁਰਮਾਨਾ ਅਤੇ 4 ਹੋਰ ਦੋਸ਼ੀਆਂ ‘ਤੇ 50 – 50 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।
ਦੱਸਣਯੋਗ ਹੈ ਕਿ 10 ਜੁਲਾਈ 2002 ਨੂੰ ਸੱਚਾ ਸੌਦਾ ਡੇਰੇ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਰਹੇ ਰਣਜੀਤ ਸਿੰਘ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਡੇਰੇ ਦੇ ਸ਼ਰਧਾਲੂਆਂ ਮੁਤਾਬਕ ਡੇਰਾ ਪ੍ਰਬੰਧਨ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਹੀ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਗੁੰਮਨਾਮ ਚਿੱਠੀ ਲਿਖਵਾਈ ਸੀ।
ਰਣਜੀਤ ਸਿੰਘ ਦੇ ਪਿਤਾ ਨੇ ਜਨਵਰੀ 2003 ਦੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿੱਚ ਦਾਇਰ ਕਰਕੇ ਆਪਣੇ ਪੁੱਤਰ ਦੇ ਕਤਲ ਦੇ ਕੇਸ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਸੀ। CBI ਨੇ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਸਣੇ 5 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ। 2007 ਵਿੱਚ CBI ਦੀ ਸਪੈਸ਼ਲ ਕੋਰਟ ਨੇ ਮੁਲਜ਼ਮ ਉੱਤੇ ਚਾਰਜ ਫਰੇਮ ਕੀਤੇ ਅਤੇ 8 ਅਕਤੂਬਰ 2021 ਨੂੰ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ।