ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਵੱਡਾ ਐਲਾਨ ਕੀਤਾ ਹੈ। PM ਮੋਦੀ ਦੇ ਇਸ ਫੈਸਲੇ ਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਆਉਣ ਵਾਲੇ ਸੰਸਦ ਸੈਸ਼ਨ ਵਿਚ ਇਸ ਬਾਰੇ ਜ਼ਰੂਰੀ ਪ੍ਰਕਿਰਿਆ ਕੀਤੀ ਜਾਵੇਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਦੇ ਮੌਕੇ ‘ਤੇ ਆਪਣੇ ਘਰ ਨੂੰ ਪਰਤਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ। ਇਸ ਦਾ ਉਦੇਸ਼ ਸੀ ਕਿ ਛੋਟੇ ਕਿਸਾਨਾਂ ਨੂੰ ਹੋਰ ਤਾਕਤ ਮਿਲੇ ਤੇ ਉਨ੍ਹਾਂ ਨੂੰ ਆਪਣੀ ਉਪਜ ਦਾ ਸਹੀ ਰੇਟ ਮਿਲੇ। ਦੇਸ਼ ਦੇ ਕੋਨ-ਕੋਨੇ ਵਿਚ ਕਈ ਕਿਸਾਨ ਸੰਗਠਨਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਵਾਗਤ ਕੀਤਾ ਤੇ ਸਮਰਥਨ ਵੀ ਕੀਤਾ ਪਰ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਅਸੀਂ ਆਪਣੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਇਸ ਲਈ ਇਨ੍ਹਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।