ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਉੱਥੇ ਹੀ ਇਸ ਪਵਿੱਤਰ ਦਿਹਾੜੇ ਦੇ ਮੌਕੇ ਭਾਰਤ ਦੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਕਿ, “ਅੱਜ ਮੈਂ ਤੁਹਾਨੂੰ ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ।”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।