ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ‘ਚ ਕੇਂਦਰ ਸਰਕਾਰ ਨੇ ਵੀ ਵੱਡਾ ਫੈਸਲਾ ਲੈਂਦੇ ਹੋਏ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਮੇਟੀ ਤੋਂ 72 ਘੰਟਿਆਂ ਵਿੱਚ ਰਿਪੋਰਟ ਮੰਗੀ ਹੈ।
ਇਸ ਕਮੇਟੀ ਦਾ ਗਠਨ ਰੱਖਿਆ ਸਕੱਤਰ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਆਈਬੀ ਦੇ ਸੰਯੁਕਤ ਡਾਇਰੈਕਟਰ ਬਲਵੀਰ ਕੁਮਾਰ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੇ ਆਈਜੀ ਐਸ ਸੁਰੇਸ਼ ਕੁਮਾਰ ਵੀ ਇਸ ਕਮੇਟੀ ਵਿੱਚ ਸ਼ਾਮਲ ਹਨ।
ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ ਸੀ। ਪੰਜਾਬ ਸਰਕਾਰ ਨੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਤੇ ਨਿਆਂ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਆਪਣੀ ਕਮੇਟੀ ਵਿੱਚ ਰੱਖਿਆ ਹੈ। ਇਹ ਕਮੇਟੀ 3 ਦਿਨਾਂ ਵਿੱਚ ਆਪਣੀ ਰਿਪੋਰਟ ਵੀ ਦੇਵੇਗੀ।