Home » ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਦਿੱਤੀ ਇਜ਼ਾਜਤ..
Home Page News India India News

ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਦਿੱਤੀ ਇਜ਼ਾਜਤ..

Spread the news

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨੂੰ ਲੈ ਕੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।

ਭਾਰਤੀ ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐਸ.ਐਨ.ਐਲ, ਬਿਜਲੀ, ਸਿਹਤ, ਫਾਇਰ ਸਰਵਿਿਸਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਨਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈ ਪੱਤਰ ਤਸਦੀਕ ਕਰਵਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ  ਸਟੇਸ਼ਨ ‘ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।

ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।