Home » ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ‘ਚ 305 ਕਰੋੜ ਦੀਆਂ ਗੈਰ-ਕਾਨੂੰਨੀ ਵਸਤਾਂ ਜ਼ਬਤ: CEO
Home Page News India India News

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ‘ਚ 305 ਕਰੋੜ ਦੀਆਂ ਗੈਰ-ਕਾਨੂੰਨੀ ਵਸਤਾਂ ਜ਼ਬਤ: CEO

Spread the news

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ 305 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 12.11 ਕਰੋੜ ਰੁਪਏ ਦੀ 26.64 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗ ਵੱਲੋਂ 273.13 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕਰਨ ਤੋਂ ਇਲਾਵਾ 18.48 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 1197 ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ। ਇਸ ਤੋਂ ਇਲਾਵਾ 2,860 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1,835 ਵਿਅਕਤੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਬਾਕੀਆਂ ਖ਼ਿਲਾਫ਼ ਵੀ ਜਲਦੀ ਹੀ ਕੇਸ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਦੀਆਂ ਧਾਰਾਵਾਂ ਤਹਿਤ 696 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੈਰ-ਜ਼ਮਾਨਤੀ ਵਾਰੰਟਾਂ ਦੇ 2630 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 58 ਕੇਸਾਂ ’ਤੇ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ 14,997 ਨਾਕੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ 3,76,451 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜਦਕਿ 65 ਗੈਰ-ਲਾਇਸੈਂਸੀ ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ।