ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਅੱਜ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸੇਵਾ ਆਰੰਭ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਸਮੇਤ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਸਤਨਾਮ ਸਿੰਘ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਮੌਜੂਦ ਸਨ।
ਇਸੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੀਨਾਕਾਰੀ ਤੇ ਸੋਨੇ ਦੇ ਪੱਤਰਿਆਂ ਦੀ ਸੇਵਾ ਆਰੰਭ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ, ਇਹ ਸੇਵਾ ਮਾਹਿਰਾਂ ਦੀ ਨਿਗਰਾਨੀ ਵਿਚ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸੋਨੇ ਦੇ ਪੱਤਰਿਆਂ ਦੀ ਚਮਕ ਖਰਾਬ ਹੋ ਰਹੀ ਸੀ, ਜਿਸ ਨੂੰ ਲੈ ਕੇ ਮਾਹਿਰਾਂ ਦੀ ਰਾਇ ਅਨਸੁਾਰ ਇਸ ਸੇਵਾ ਸ਼ੁਰੂ ਕੀਤੀ ਗਈ ਹੈ। ਸੇਵਾ ਦੌਰਾਨ ਮੁਰੰਮਤ ਲਈ ਪੁਰਾਤਨ ਰਵਾਇਤ ਅਨੁਸਾਰ ਕਾਰਜ ਕੀਤੇ ਜਾਣਗੇ ਅਤੇ ਖਰਾਬ ਹੋਏ ਪੱਤਰਿਆਂ ਨੂੰ ਬਦਲਿਆ ਜਾਵੇਗਾ।