ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਹੁਸੈਨ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਹੱਤਿਆ ਦੀ ਸਾਜ਼ਿਸ਼ ਦਾ ਪਤਾ ਲੱਗਿਆ ਹੈ। ‘ਡਾਨ’ ਅਖ਼ਬਾਰ ਨੇ ਚੌਧਰੀ ਦੇ ਹਵਾਲੇ ਨਾਲ ਕਿਹਾ ਹੈ ਕਿ ਇਸ ਤਰ੍ਹਾਂ ਦੀ ਰਿਪੋਰਟ ਮਿਲਣ ਤੋਂ ਬਾਅਦ ਇਮਰਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਖ਼ਬਰ ਏਜੰਸੀ ਆਈਏਐੱਨਐੱਸ ਅਨੁਸਾਰ ਬੇਭਰੋਸਗੀ ਮਤੇ ’ਤੇ ਹਾਰ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਸਾਹਮਣੇ ਸਮਝੌਤੇ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਉਸ ਨੇ ਖਾਰਜ ਕਰ ਦਿੱਤਾ ਹੈ।
ਇਮਰਾਨ ਨੇ ਕਿਹਾ ਹੈ ਕਿ ਜੇ ਵਿਰੋਧੀ ਧਿਰ ਬੇਭਰੋਸਗੀ ਮਤਾ ਵਾਪਸ ਲੈ ਲੈਂਦੀ ਹੈ ਤਾਂ ਉਹ ਸਦਨ ਭੰਗ ਕਰ ਕੇ ਨਵੀਆਂ ਚੋਣਾਂ ਦਾ ਐਲਾਨ ਕਰਨ ਲਈ ਤਿਆਰ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਨੇ ਸਰਵਸੰਮਤੀ ਨਾਲ ਇਮਰਾਨ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਸਪੀਕਰ ਤੋਂ ਛੇਤੀ ਤੋਂ ਛੇਤੀ ਬੇਭਰੋਸਗੀ ਮਤੇ ’ਤੇ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਹੈ।
ਬ੍ਰਿਟੇਨ ਵੱਲ ਇਸ਼ਾਰਾ ਕਰਦਿਆਂ ਇਮਰਾਨ ਨੇ ਕਿਹਾ ਕਿ ਮੇਰੀ ਹਾਲੀਆ ਰੂਸ ਯਾਤਰਾ ਕਾਰਕੇ ਇਕ ਸ਼ਕਤੀਸ਼ਾਲੀ ਦੇਸ਼ ਪਾਕਿਸਤਾਨ ਤੋਂ ਨਾਰਾਜ਼ ਹੋ ਗਿਆ। ਇਸਲਾਮਾਬਾਦ ਸੁਰੱਖਿਆ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਮੈਂ ਬ੍ਰਿਟੇਨ ਦੀ ਵਿਦੇਸ਼ ਮੰਤਰੀ ਦਾ ਬਿਆਨ ਪੜਿ੍ਹਆ। ਉਨ੍ਹਾਂ ਕਿਹਾ ਕਿ ਉਹ ਭਾਰਤ ਨੂੰ ਕੁਝ ਨਹੀਂ ਕਹਿਣਗੇ ਕਿਉਂਕਿ ਉਹ ਇਕ ਆਜ਼ਾਦ ਦੇਸ਼ ਹੈ।