Home » ਸ਼੍ਰੀ ਗੁਰੂ ਗ੍ਰੰਥ ਸਾਹਿਬ ‘ਚ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਮੀਟਿੰਗ…
Home Page News India India News

ਸ਼੍ਰੀ ਗੁਰੂ ਗ੍ਰੰਥ ਸਾਹਿਬ ‘ਚ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਮੀਟਿੰਗ…

Spread the news

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ’ਤੇ ਚਰਚਾ ਲਈ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਪੰਥਕ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਹਨ। ਮੀਟਿੰਗ ਵਿੱਚ ਅਮਰੀਕਾ ਵਾਸੀ ਸਿੱਖ ਵਿਅਕਤੀ ਥਮਿੰਦਰ ਸਿੰਘ ਅਨੰਦ ਵੱਲੋਂ ਬਿਨਾਂ ਪ੍ਰਵਾਨਗੀ ਸਰੂਪ ਛਾਪਣ ਤੇ ਉਸ ਵਿੱਚ ਲਗਾਂ ਮਾਤਰਾ ਸ਼ਾਮਲ ਕਰਨ ਦਾ ਮਾਮਲਾ ਵਿਚਾਰਿਆ ਗਿਆ ਹੈ।

ਇਹ ਮਾਮਲਾ ਪਿਛਲੇ ਦਿਨੀਂ ਉਕਤ ਵਿਅਕਤੀ ਵੱਲੋਂ ਛਾਪਿਆ ਗਿਆ ਸਰੂਪ ਆਪਣੀ ਇੱਕ ਵੈੱਬਸਾਈਟ ਸਿੱਖ ਬੁਕ ਕਲੱਬ ਡਾਟ ਕਾਮ ’ਤੇ ਅਪਲੋਡ ਕਰਨ ਮਗਰੋਂ ਸਾਹਮਣੇ ਆਇਆ ਸੀ। ਮਾਮਲੇ ਦਾ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਕਮੇਟੀ ਵੀ ਬਣਾਈ ਸੀ, ਜਿਸ ਵੱਲੋਂ ਆਪਣੀ ਰਿਪੋਰਟ ਸੌਂਪ ਦਿੱਤੀ ਗਈ ਹੈ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਵੱਲੋਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਕੋਲੋਂ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਵੀ ਮੰਗਿਆ ਗਿਆ ਸੀ। ਮਿਲੇ ਵੇਰਵਿਆਂ ਮੁਤਾਬਕ ਇਸ ਸਬੰਧੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਕੋਲ ਪੁੱਜਾ ਹੈ।

ਇਸੇ ਦੌਰਾਨ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦੇ ਨਾਮ ’ਤੇ ਆਏ ਈਮੇਲ ਸੁਨੇਹਿਆਂ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਮਸਲਿਆਂ ਪ੍ਰਤੀ ਚਿੰਤਤ ਨਹੀਂ। ਉਨ੍ਹਾਂ ਕਿਹਾ ਕਿ ਪਾਵਨ ਸਰੂਪ ਵਿੱਚ ਛਪਾਈ ਸਮੇਂ ਹੋਈਆਂ ਗ਼ਲਤੀਆਂ ਨੂੰ ਸੁਧਾਰਨ ਲਈ ਕਈ ਕਮੇਟੀਆਂ ਬਣੀਆਂ ਹਨ ਪਰ ਇਨ੍ਹਾਂ ਕਮੇਟੀਆਂ ਦੀਆਂ ਸਿਫ਼ਾਰਸ਼ਾਂ ਨੂੰ ਕਦੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਖਿਆ ਕਿ ਉਹ ਸਿੱਖ ਭਾਈਚਾਰੇ ਨੂੰ ਦੱਸਣ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਵਨ ਸਰੂਪ ਦੀ ਛਪਾਈ ਸ਼ੁਰੂ ਕਰਨ ਸਮੇਂ ਕਿਹੜੇ ਹੱਥ ਲਿਖਤ ਸਰੂਪ ਦੀ ਪਾਲਣਾ ਕੀਤੀ ਗਈ ਸੀ।