ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਮੁੜ ਵਿਵਾਦ ਵਿੱਚ ਘਿਰ ਗਏ ਹਨ। ਇਸ ਵਾਰ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂ ਗੂੰਜਿਆ ਹੈ। ਪੁਲਿਸ ਸੂਤਰਾਂ ਮੁਤਾਬਕ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ ਇਸ ਮਾਮਲੇ ਵਿੱਚ ਪੁੱਛ-ਪੜਤਾਲ ਹੋ ਸਕਦੀ ਹੈ।
ਦੱਸ ਦਈਏ ਕਿ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਪਿਛਲੇ ਦਿਨੀਂ ਪ੍ਰੋਡਕਸ਼ਨ ਵਾਰੰਟ ’ਤੇ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਲਿਆਂਦੇ ਗਏ ਤਿੰਨ ਗੈਂਗਸਟਰਾਂ (ਸ਼ੂਟਰਾਂ) ਸੱਜਣ ਸਿੰਘ, ਅਨਿਲ ਲੱਠ ਤੇ ਅਜੈ ਸੰਨੀ ਦੀ ਪੁੱਛਗਿੱਛ ਦੌਰਾਨ ਦੋ ਹੋਰ ਗੈਂਗਸਟਰਾਂ ਦਾ ਨਾਂ ਸਾਹਮਣੇ ਆਇਆ ਹੈ। ਇਸ ਮਗਰੋਂ ਪੁਲਿਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾ ਰਹੀ ਹੈ।
ਇਸ ਬਾਰੇ ਐਸਐਸਪੀ ਵਿਵੇਕਸ਼ੀਲ ਸੋਨੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ ਤੇ ਅਮਿਤ ਡਾਗਰ ਦੀ ਸ਼ਮੂਲੀਅਤ ਹੋਣ ਬਾਰੇ ਪਤਾ ਲੱਗਾ ਹੈ। ਇਸ ਮਾਮਲੇ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ।
ਐਸਐਸਪੀ ਨੇ ਦੱਸਿਆ ਕਿ ਸ਼ਗਨਪ੍ਰੀਤ ਖ਼ਿਲਾਫ਼ ਲੂਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਜਲਦੀ ਹੀ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਸਿੱਧੂ ਮੂਸੇਵਾਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।