ਪਰਵਾਸੀ ਮਾਮਲਿਆਂ, ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਸਾਊਥ ਬਲਾਕ ਵਿਖੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨਾਲ ਮੁਲਾਕਾਤ ਕਰਕੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਅਹਿਮ ਮੱਦਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ।
ਮੀਟਿੰਗ ਦੌਰਾਨ ਧਾਲੀਵਾਲ ਨੇ ਅੰਮਿ੍ਤਸਰ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਆਸਟੇ੍ਲੀਆ ਅਤੇ ਇੰਗਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਅਤੇ ਚੰਡੀਗੜ੍ਹ ਅਤੇ ਅੰਮਿ੍ਤਸਰ ਹਵਾਈ ਅੱਡੇ ਨੂੰ ਵੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਵਾਲਾ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਏ ਜਾਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ‘ਤੇ ਇਮੀਗੇ੍ਸ਼ਨ ਕਾਊਂਟਰਾਂ ‘ਤੇ ਫੋਕਸ ਕਰਦੇ ਹੋਏ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਪਰਵਾਸੀ ਭਾਰਤੀਆਂ ਨੂੰ ਇਨ੍ਹਾਂ ਕਾਊਂਟਰਾਂ ‘ਤੇ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਲੋਕਾਂ ਨੂੰ ਟਰੈਵਲ ਵੀਜ਼ਾ ਲੈਣ ਅਤੇ ਕਾਗਜ਼ਾਂ ਦੀ ਤਸਦੀਕ ਕਰਵਾਉਣ ਵਿਚ ਦਿੱਕਤ ਆ ਰਹੀ ਹੈ। ਇਸ ਦੇ ਸਨਮੁੱਖ ਜ਼ਰੂਰੀ ਹਾਲਾਤ ਵਿਚ ਪੰਜਾਬੀ ਭਾਈਚਾਰੇ ਲਈ 24/7 ਹੈਲਪਲਾਈਨ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਓਵਰਸੀਜ਼ ਸਿਟੀਜ਼ਨਜ਼ ਆਫ ਇੰਡੀਆ (ਓਸੀਆਈ) ਦੇ ਵੀਜ਼ਿਆਂ ਦੀ ਕਾਰਵਾਈ ਤੇਜ਼ੀ ਨਾਲ ਕਰਨ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਐੱਨਆਰਆਈਜ਼ ਨਾਲ ਸਬੰਧਤ ਜਾਇਦਾਦਾਂ ‘ਤੇ ਲਗਾਤਾਰ ਕਬਜ਼ਾ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਲਿਮੀਟੇਸ਼ਨ ਐਕਟ ਵਿਚ ਪ੍ਰਤੀਕੂਲ ਕਬਜ਼ੇ ਦੀ 12 ਸਾਲ ਦੀ ਧਾਰਾ ਤੋਂ ਬਚਣ ਲਈ ਵਿਸ਼ੇਸ਼ ਰਾਹਤ ਲਈ ਅਪੀਲ ਕੀਤੀ ਗਈ। ਉਨ੍ਹਾਂ ਪਰਵਾਸੀ ਭਾਰਤੀਆਂ ਦੇ ਖਾਤਿਆਂ ਨੂੰ ਮੁੜ ਇਕ ਸਾਲ ‘ਚ ਲੈਣ-ਦੇਣ ਸਬੰਧੀ ਸ਼ਰਤ ਤੋਂ ਛੋਟ ਦਿੱਤੀ ਜਾਵੇ।