ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਮੂਹ ਐਸ.ਐਸ.ਪੀਜ/ਪੁਲਿਸ ਕਮਿਸ਼ਨਰਾਂ ਨੂੰ ਡਰੱਗ ਮਾਫੀਆ ਚਲਾ ਰਹੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ ਵਾਸਤੇ ਸਾਂਝੀ ਕਾਰਵਾਈ ਵਿੱਢਣ ਲਈ ਨਸ਼ਾ ਵਿਰੋਧੀ ਟਾਸਕ ਫੋਰਸ (ਐਸ.ਟੀ.ਐਫ.) ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਦਿੱਤੇ।ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਸੂਬੇ ਦੇ ਕਿਸੇ ਵੀ ਹਿੱਸੇ ਤੋਂ ਨਸੇ ਦੀ ਸਪਲਾਈ ਦੀ ਕੋਈ ਵੀ ਘਟਨਾ ਉਨਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਇਸ ਲਈ ਸਿੱਧੇ ਤੌਰ ਉਤੇ ਸਬੰਧਤ ਐਸ.ਐਸ.ਪੀ. ਜਾਂ ਪੁਲਿਸ ਕਮਿਸ਼ਨਰ ਦੀ ਜੁਆਬਦੇਹੀ ਤੈਅ ਹੋਵੇਗੀ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਿਆਂ ਦੀ ਤਸਕਰੀ ਬਾਰੇ ਕੋਈ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ।
ਉਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਕਿਸੇ ਵੀ ਕੀਮਤ ‘ਤੇ ਕੋਈ ਢਿੱਲ-ਮੱਠ ਬਰਦਾਸਤ ਨਹੀਂ ਕੀਤੀ ਜਾਵੇਗੀ ਕਿਉਂਕਿ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਬਚਾਉਣ ਲਈ ਇਸ ਦੀ ਸਪਲਾਈ ਲਾਈਨ ਨੂੰ ਤੋੜਨਾ ਪਵੇਗਾ।ਸੂਬੇ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਣ ਦੀ ਲੋੜ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਰਧਾਰਿਤ ਸਮੇਂ ਦੌਰਾਨ ਖਾਸ ਕਰਕੇ ਵਪਾਰਕ ਵਸੂਲੀ ਦੇ ਮਾਮਲਿਆਂ ਵਿੱਚ ਚਲਾਨ ਪੇਸ ਨਾ ਹੋਣ ਕਾਰਨ ਜਮਾਨਤ ਹੋ ਜਾਣ ਦੀ ਸੂਰਤ ਵਿੱਚ ਸਖਤ ਕਾਰਵਾਈ ਕੀਤੀ ਜਾਵੇਗੀ।ਨਸਾ ਤਸਕਰਾਂ ਨਾਲ ਘਿਓ-ਖਿਚੜੀ ਹੋਣ ਵਾਲੇ ਲੋਕਾਂ ਪ੍ਰਤੀ ਕੋਈ ਲਿਹਾਜ਼ ਨਾ ਵਰਤਦਿਆਂ ਮੁੱਖ ਮੰਤਰੀ ਨੇ ਨਸਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਕਸੂਰਵਾਰ ਪੁਲਿਸ ਅਧਿਕਾਰੀਆਂ ਨੂੰ ਸਜਾ ਦੇਣ ਲਈ ਕਾਰਗਰ ਵਿਧੀ ਤਿਆਰ ਕਰਨ ਦੀ ਲੋੜ ‘ਤੇ ਜੋਰ ਦਿੱਤਾ।
ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਬਰਾਮਦਗੀ ਦੌਰਾਨ ਜਬਤ ਕੀਤੇ ਗਏ ਨਸ਼ਿਆਂ ਦੀ ਕੀਮਤ ਕੌਮਾਂਤਰੀ ਬਜਾਰ ਵਿੱਚ ਨਸ਼ਰ ਨਾ ਕਰਨ ਲਈ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਵਿਸਥਾਰਤ ਦਿਸਾ-ਨਿਰਦੇਸ ਜਾਰੀ ਕਰਨ ਦੇ ਨਿਰਦੇਸ ਦਿੱਤੇ ਹਨ ਕਿਉਂਕਿ ਇਹ ਪ੍ਰਕਿਰਿਆ ਭੋਲੇ-ਭਾਲੇ ਲੋਕਾਂ ਨੂੰ ਛੇਤੀ ਪੈਸਾ ਕਮਾਉਣ ਲਈ ਆਕਰਸ਼ਿਤ ਕਰਦੀ ਹੈ। ਹਾਲਾਂਕਿ, ਉਨਾਂ ਕਿਹਾ ਕਿ ਜਬਤ ਕੀਤੀ ਗਈ ਮਾਤਰਾ, ਬਰਾਮਦਗੀ ਵਾਲੀ ਥਾਂ ਅਤੇ ਮੁਲਜਮਾਂ ਦੇ ਵੇਰਵਿਆਂ ਸਬੰਧੀ ਬਾਕੀ ਜਾਣਕਾਰੀ ਜਨਤਕ ਕੀਤੀ ਜਾ ਸਕਦੀ ਹੈ।ਭਗਵੰਤ ਮਾਨ ਨੇ ਸਿਹਤ ਅਤੇ ਪੁਲਿਸ ਵਿਭਾਗਾਂ ਨੂੰ ਮਾਮੂਲੀ ਅਪਰਾਧੀਆਂ ਪ੍ਰਤੀ ਸੁਧਾਰਵਾਦੀ ਪਹੁੰਚ ਅਪਣਾਉਣ ਉਤੇ ਧਿਆਨ ਕੇਂਦਰਿਤ ਕਰਨ ਲਈ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।
ਉਨਾਂ ਦੱਸਿਆ ਕਿ ਨਸੇ ਵਿਚ ਗ੍ਰਸਤ ਲੋਕਾਂ ਨੂੰ ਉਨਾਂ ਦੀ ਰਿਹਾਇਸ ਤੋਂ 5 ਤੋਂ 6 ਕਿਲੋਮੀਟਰ ਦੇ ਦਾਇਰੇ ਵਿੱਚ ਇਲਾਜ ਲਈ ਸੁਖਾਲੀ ਪਹੁੰਚ ਪ੍ਰਾਪਤ ਕਰਨ ਲਈ ਓ.ਓ.ਏ.ਟੀ. ਕਲੀਨਿਕਾਂ ਦੀ ਗਿਣਤੀ ਮੌਜੂਦਾ 208 ਤੋਂ ਵਧਾ ਕੇ ਤੁਰੰਤ 500 ਕੀਤੀ ਜਾ ਰਹੀ ਹੈ। ਉਨਾਂ ਨੇ ਨਸ਼ੇ ਦੀ ਅਲਾਮਤ ਨੂੰ ਤਿਆਗ ਚੁੱਕੇ ਨੌਜਵਾਨਾਂ ਦੀਆਂ ਸੇਵਾਵਾਂ ਲੈਣ ਦੀ ਲੋੜ ‘ਤੇ ਵੀ ਜੋਰ ਦਿੱਤਾ, ਜਿਸ ਤਹਿਤ ਉਹ ਨਸੇ ਦੇ ਆਦੀ ਲੋਕਾਂ ਨਾਲ ਨਸੇ ਛੱਡਣ ਬਾਰੇ ਆਪਣੇ ਜੀਵਨ ਦੇ ਤਜਰਬਿਆਂ ਨੂੰ ਸਾਂਝਾ ਕਰਨਗੇ ਜੋ ਉਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਮਦਦਗਾਰ ਸਾਬਤ ਹੋਵੇਗਾ। ਉਨਾਂ ਡੀ.ਜੀ.ਪੀ. ਨੂੰ ਜਾਂਚ ਪ੍ਰਣਾਲੀ ਵੀ ਮਜਬੂਤ ਕਰਨ ਲਈ ਕਿਹਾ ਤਾਂ ਜੋ ਡਰੱਗ ਮਾਫੀਆ ਵਿੱਚ ਸਾਮਲ ਦੋਸੀਆਂ ਨੂੰ ਜਲਦ ਤੋਂ ਜਲਦ ਮਿਸਾਲੀ ਸਜਾ ਦਿੱਤੀ ਜਾ ਸਕੇ।
ਉਨਾਂ ਕਿਹਾ ਕਿ ਇਹ ਕਦਮ ਹੋਰਨਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਵਿਕਰੀ ਵਿੱਚ ਸ਼ਾਮਲ ਹੋਣ ਤੋਂ ਤੌਬਾ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਡਰੱਗ ਮਾਫੀਆ ਵਿੱਚ ਸਾਮਲ ਲੋਕਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਵੀ ਕਿਹਾ। ਇਸ ਸਬੰਧੀ ਢਿੱਲੀ ਰਫਤਾਰ ‘ਤੇ ਚਿੰਤਾ ਜਾਹਰ ਕਰਦਿਆਂ ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਰੇਕ ਮਹੀਨੇ ਜਬਤ ਕੀਤੀਆਂ ਜਾਇਦਾਦਾਂ ਦੀ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਉਸ ਅਨੁਸਾਰ ਉਨਾਂ ਨੂੰ ਜਾਣੂੰ ਕਰਵਾਉਂਦੇ ਰਹਿਣ ਲਈ ਕਿਹਾ।ਨਸ਼ਿਆਂ ਦੀ ਰੋਕਥਾਮ ਦੇ ਕਦਮਾਂ ਵਜੋਂ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ/ਜ਼ਿਲਾ ਪੁਲਿਸ ਮੁਖੀਆਂ ਤੋਂ ਇਲਾਵਾ ਐਸ.ਡੀ.ਐਮਜ ਤੇ ਡੀ.ਐਸ.ਪੀਜ. ਵੱਲੋਂ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਖਾਸ ਕਰਕੇ ਵੱਧ ਪ੍ਰਭਾਵਿਤ ਪਿੰਡਾਂ ਦੇ ਨਿਰੰਤਰ ਦੌਰੇ ਕੀਤੇ ਜਾਣ ਦੀ ਲੋੜ ‘ਤੇ ਜੋਰ ਦਿੱਤਾ। ਇਸੇ ਤਰਾਂ ਪਿੰਡਾਂ ਤੇ ਵਾਰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰਨ ਦੇ ਨਾਲ–ਨਾਲ ਖੇਡ ਗਤੀਵਿਧੀਆਂ, ਟੂਰਨਾਮੈਂਟਾਂ ਅਤੇ ਯੁਵਕ ਮੇਲੇ ਕਰਵਾਉਣ ਲਈ ਉਪਰਾਲੇ ਤੇਜ ਕਰਨ ਲਈ ਵਿਸੇਸ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ।
ਲੋਕਾਂ ਵਿੱਚ ਭਰੋਸੇ ਦੀ ਭਾਵਨਾ ਪੈਦਾ ਕਰਨ ਲਈ ਹਰੇਕ ਜ਼ਿਲੇ ਵਿਚ ਨਸਾ ਮੁਕਤ ਪਿੰਡ ਐਲਾਨਿਆ ਜਾਣਾ ਚਾਹੀਦਾ ਹੈ।ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਉਨਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫਰਤ ਅਤੇ ਦੁਸਮਣੀ ਨੂੰ ਭੜਕਾਉਣ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ। ਉਨਾਂ ਨੇ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦਿਆਂ ਭਾਈਚਾਰਕ ਸਾਂਝ, ਸਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।ਭਗਵੰਤ ਮਾਨ ਨੇ ਇਨਾਂ ਗਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਜਿਸ ਬਾਰੇ ਇਸ ਨੂੰ ਵਿਸਵ ਭਰ ਵਿੱਚ ਜਾਣਿਆ ਜਾਂਦਾ ਹੈ।
ਉਨਾਂ ਕਿਹਾ ਕਿ ਇਹ ਸਾਡਾ ਫਰਜ ਬਣਦਾ ਹੈ ਕਿ ਅਜਿਹੇ ਗਾਇਕਾਂ ਨੂੰ ਆਪਣੇ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜ਼ਾਜਤ ਨਾ ਦਿੱਤੀ ਜਾਵੇ ਜੋ ਅਕਸਰ ਨੌਜਵਾਨਾਂ ਖਾਸ ਕਰਕੇ ਛੇਤੀ ਪ੍ਰਭਾਵਿਤ ਹੋਣ ਵਾਲੇ ਬੱਚਿਆਂ ਨੂੰ ਵਿਗਾੜਦੇ ਹਨ। ਉਨਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਤਾਂ ਉਨਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਉਨਾਂ ਵਿਰੁੱਧ ਸਖਤ ਕਾਰਵਾਈ ਕਰੇਗੀ।ਇਸ ਉਪਰੰਤ ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਨੂੰ ਉਤਸਾਹਿਤ ਕਰਨ ਲਈ ਵਿਆਪਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸੁਰੂ ਕਰਨ ਲਈ ਕਿਹਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ ਅਤੇ ਇਸ ਤੋਂ ਇਲਾਵਾ ਕਿਸਾਨਾਂ ਨੂੰ ਗਰਮੀ ਰੁੱਤ ਦੀ ਮੂੰਗੀ ਅਤੇ ਬਾਸਮਤੀ ਦੀ ਬਿਜਾਈ ਕਰਨ ਲਈ ਉਤਸਾਹਿਤ ਕੀਤਾ ਜਾਵੇ ਜਿਸ ਨਾਲ ਫਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ।
ਸੂਬੇ ਭਰ ਦੇ ਲੋਕਾਂ ਨੂੰ ਨਿਰਵਿਘਨ ਅਤੇ ਪਾਰਦਰਸੀ ਸਾਸਨ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਨੂੰ ਸਾਂਝਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਫਤਰ ਦੇ ਵਿਸਥਾਰ ਵਜੋਂ ਹਰ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਇੱਕ ਸਮਰਪਿਤ ਦਫਤਰ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੇ ਉਨਾਂ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ ਜਿਹਨਾਂ ਨੂੰ ਤੁਰੰਤ ਅੰਤਰ-ਵਿਭਾਗੀ ਦਖਲ ਦੀ ਜ਼ਰੂਰਤ ਹੁੰਦੀ ਹੈ। ਇਹ ‘ਤੁਹਾਡੀ ਸਰਕਾਰ ਤੁਹਾਡੇ ਦੁਆਰ‘ ਪ੍ਰੋਗਰਾਮ ਲੋਕਾਂ ਨੂੰ ਉਨਾਂ ਦੇ ਉਲਝੇ ਹੋਏ ਕਈ ਮੁੱਦਿਆਂ ਨੂੰ ਉਨਾਂ ਦੀ ਸੰਤੁਸਟੀ ਮੁਤਾਬਕ ਤੁਰੰਤ ਹੱਲ ਕਰਨ ਵਿੱਚ ਮਦਦ ਕਰੇਗਾ।
ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਡੀ.ਜੀ.ਪੀ. ਵੀ.ਕੇ. ਭਾਵਰਾ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸਰਮਾ, ਨਸ਼ਿਆਂ ਬਾਰੇ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੱਧੂ ਅਤੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਹਾਜਰ ਸਨ।