ਅੰਮ੍ਰਿਤਸਰ : ਕਾਮੇਡੀਅਨ ਭਾਰਤੀ ਸਿੰਘ ਵਿਰੁੱਧ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਉਣ ਦੇ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਇੱਕ ਪੁਰਾਣੀ ਵੀਡੀਓ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਉਸਨੇ ਕਥਿਤ ਤੌਰ ‘ਤੇ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਇਆ ਸੀ। ਇਹ ਐਫਆਈਆਰ ਸੋਮਵਾਰ ਰਾਤ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਸੀ, ਜਿਸ ਵਿੱਚ ਉਸ ਵਿਰੁੱਧ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਸੀ।
ਭਾਰਤੀ ਸਿੰਘ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 295-ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਅਤੇ ਖਤਰਨਾਕ ਕੰਮ) ਦੇ ਤਹਿਤ ਦੋਸ਼ ਲਗਾਇਆ ਗਿਆ ਹੈ।ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਐਸਜੀਪੀਸੀ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੋਤਵਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਸਮੇਤ ਕਈ ਮਨੁੱਖੀ ਅਧਿਕਾਰਾਂ ਅਤੇ ਸਿੱਖ ਸੰਗਠਨਾਂ ਨੇ ਭਾਰਤੀ ਖਿਲਾਫ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ। ਭਾਰਤੀ ਵਿਰੁੱਧ ਬੈਨਰ ਫੜ ਕੇ ਉਨ੍ਹਾਂ ਨੇ ਸਿੱਖ ਨੈਤਿਕਤਾ ਅਤੇ ਸਿਧਾਂਤਾਂ ਦਾ ਮਜ਼ਾਕ ਉਡਾਉਣ ਲਈ ਆਈਪੀਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ।