Home » ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (7-6-2022)
Home Page News India Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (7-6-2022)

Spread the news

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥

ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥