Home » ਪੰਜਾਬ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਵੌਲਵੋ ਬੱਸਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
Home Page News India India News

ਪੰਜਾਬ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਵੌਲਵੋ ਬੱਸਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

Spread the news

ਜਲੰਧਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਾਂਝੇ ਤੌਰ ਉਤੇ ਝੰਡੀ ਵਿਖਾ ਕੇ ਕੀਤੀ। ਇਸ ਮੌਕੇ ਜਨਤਕ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਨੇ ਕਿਹਾ, “ਅੱਜ ਦੇ ਦਿਨ ਇਹ ਇਤਿਹਾਸਕ ਮੌਕਾ ਹੈ ਜਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਇਜਾਰੇਦਾਰੀ ਨੂੰ ਖਤਮ ਕਰਕੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਦਿੱਤਾ ਹੈ। ਸਰਕਾਰ ਨੇ ਮਹਿਜ਼ 1170 ਰੁਪਏ ਦੇ ਕਿਰਾਏ ਨਾਲ ਦਿੱਲੀ ਏਅਰਪੋਰਟ ਲਈ ਲਗਜ਼ਰੀ ਬੱਸ ਸੇਵਾ ਸ਼ੁਰੂ ਕੀਤੀ ਜਿਸ ਨਾਲ ਹੁਣ ਲੋਕਾਂ ਦੀ ਲੁੱਟ ਖਤਮ ਹੋਵੇਗੀ।”

        ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਤੱਕ ਰੋਜ਼ਾਨਾ 7 ਵੌਲਵੋ ਬੱਸਾਂ ਚੱਲਿਆ ਕਰਨਗੀਆਂ। ਇਸੇ ਤਰ੍ਹਾਂ ਮੁਸਾਫਰਾਂ ਦੀ ਸਹੂਲਤ ਲਈ ਅਜਿਹੀਆਂ ਹੀ ਬੱਸਾਂ ਏਅਰਪੋਰਟ ਲਈ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਇੱਥੋਂ ਤੱਕ ਕਿ ਚੰਡੀਗੜ੍ਹ ਤੋਂ ਵੀ ਚੱਲਿਆ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਵਿਚ ਕਿਫਾਇਤੀ ਕਿਰਾਏ ਨਾਲ ਏਅਰਪੋਰਟ ਲਈ ਆਰਾਮਦਾਇਕ ਤੇ ਵਧੀਆ ਸਫਰ ਅਤੇ ਹੋਰ ਸੁਖ ਸਹੂਲਤਾਂ ਮਿਲਣਗੀਆਂ।

        ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਏਅਰਪੋਰਟ ਲਈ ਜਾਣ ਦੇ ਚਾਹਵਾਨ ਮੁਸਾਫਰ ਸਫਰ ਕਰਨ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਜਦਕਿ ਬੱਸ ਅੱਡੇ ਦੇ ਕਾਊਂਟਰਾਂ ’ਤੇ ਛੇ ਮਹੀਨੇ ਪਹਿਲਾਂ ਟਿਕਟਾਂ ਬੁੱਕ ਕਰਵਾਈ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਵਾਸੀਆਂ ਨੇ ਮਾਫੀਏ ਦਾ ਖਾਤਮਾ ਕਰਕੇ ਸੂਬੇ ਦੀ ਸੇਵਾ ਕਰਨ ਦਾ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਚੱਲਣ ਨਾਲ ਹੁਣ ਟਰਾਂਸਪੋਰਟ ਮਾਫੀਆ ਬੀਤੇ ਸਮੇਂ ਦੀ ਗੱਲ ਹੋ ਜਾਵੇਗਾ।

        ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਦਹਾਕਿਆਂ ਤੋਂ ਸਿਰਫ ਪ੍ਰਾਈਵੇਟ ਟਰਾਂਸਪੋਰਟਰ ਹੀ ਇਸ ਰੂਟ ਉਤੇ ਬੱਸਾਂ ਚਲਾ ਰਹੇ ਸਨ ਅਤੇ ਵੱਧ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟਦੇ ਸਨ। ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਲਈ ਬੀਤੇ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਸੌੜੇ ਹਿੱਤ ਹੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੇ ਸਨ। ਭਗਵੰਤ ਮਾਨ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਟਰਾਂਸਟਪੋਰਟ ਲੀਡਰ ਇਸ ਰੂਟ ਉਤੇ ਸਰਕਾਰੀ ਬੱਸਾਂ ਚੱਲਣ ਦੀ ਇਜਾਜ਼ਤ ਨਾ ਦੇ ਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾ ਰਹੇ ਸਨ।