ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥
ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ)। ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ। ਉਹ ਪਦਾਰਥ ਹੈ-ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ ॥੧॥ ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ। (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ॥੧॥ ਰਹਾਉ॥ ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ। ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ। (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ। ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ ॥੨॥