Home » ਸ਼੍ਰੀਲੰਕਾਈ ਨੇਵੀ ਨੇ ਆਸਟ੍ਰੇਲੀਆ ਭੱਜਣ ਦੀ ਯੋਜਨਾ ਬਣਾ ਰਹੇ 51 ਲੋਕਾਂ ਨੂੰ ਫੜਿਆ…
Home Page News India India News

ਸ਼੍ਰੀਲੰਕਾਈ ਨੇਵੀ ਨੇ ਆਸਟ੍ਰੇਲੀਆ ਭੱਜਣ ਦੀ ਯੋਜਨਾ ਬਣਾ ਰਹੇ 51 ਲੋਕਾਂ ਨੂੰ ਫੜਿਆ…

Spread the news

ਸ੍ਰੀਲੰਕਾ ਦੀ ਜਲ ਸੈਨਾ ਨੇ ਐਤਵਾਰ ਨੂੰ 51 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ਛੱਡ ਕੇ ਸਮੁੰਦਰੀ ਰਸਤੇ ਰਾਹੀਂ ਆਸਟ੍ਰੇਲੀਆ ਜਾਣ ਦੀ ਯੋਜਨਾ ਬਣਾ ਰਹੇ ਸਨ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਸ੍ਰੀਲੰਕਾ ਵਿੱਚ ਮੌਜੂਦਾ ਆਰਥਿਕ ਸੰਕਟ ਕਾਰਨ ਵੱਡੀ ਗਿਣਤੀ ਵਿੱਚ ਲੋਕ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਇੱਕ ਹਫ਼ਤੇ ਵਿੱਚ ਇਹ ਚੌਥੀ ਘਟਨਾ ਹੈ ਜਦੋਂ ਜਲ ਸੈਨਾ ਨੇ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੀਲੰਕਾਈ ਜਲ ਸੈਨਾ ਦੇ ਅਨੁਸਾਰ ਦੇਸ਼ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਸਾਰੇ ਲੋਕ ਸਮੁੰਦਰੀ ਮੱਛੀ ਫੜਨ ਵਾਲੀ ਕਿਸ਼ਤੀ ਵਿੱਚ ਸਨ। ਕਿਸ਼ਤੀ ਜ਼ਬਤ ਕਰਨ ਤੋਂ ਬਾਅਦ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਲ ਸੈਨਾ ਵੱਲੋਂ ਜਾਰੀ ਬਿਆਨ ਅਨੁਸਾਰ ਪੂਰਬੀ ਸਾਗਰ ਖੇਤਰ ਵਿੱਚ ਜਲ ਸੈਨਾ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਵਿੱਚ ਅੱਜ ਸਵੇਰੇ 51 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਨੂੰ ਜ਼ਬਤ ਕੀਤਾ ਗਿਆ। ਇਹ ਸਾਰੇ ਲੋਕ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਛੱਡ ਕੇ ਦੂਜੇ ਦੇਸ਼ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸ਼੍ਰੀਲੰਕਾ ਦੀ ਜਲ ਸੈਨਾ, ਤੱਟ ਰੱਖਿਅਕ ਅਤੇ ਪੁਲਸ ਦੀ ਸਾਂਝੀ ਟੀਮ ਨੇ ਪੱਛਮੀ ਤੱਟ ਦੇ ਰਸਤੇ ਗੈਰ-ਕਾਨੂੰਨੀ ਤਰੀਕੇ ਨਾਲ ਆਸਟ੍ਰੇਲੀਆ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸੇ ਤਰ੍ਹਾਂ 27 ਅਤੇ 28 ਜੂਨ ਨੂੰ ਵੀ 100 ਤੋਂ ਵੱਧ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 1948 ‘ਚ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲਣ ਤੋਂ ਬਾਅਦ ਸ਼੍ਰੀਲੰਕਾ ਇਸ ਸਮੇਂ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।