ਜਲੰਧਰ-ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 9 ਅਕਤੂਬਰ ਨੂੰ ਕਰਵਾਈ ਜਾ ਰਹੀ ਮੈਰਾਥਨ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟੀ-ਸ਼ਰਟਾਂ ਅਤੇ ਰੂਟ ਪਲਾਨ ਜਾਰੀ ਕੀਤਾ।
ਖੇਡ ਮੰਤਰੀ, ਜਿਨ੍ਹਾਂ ਨਾਲ ਵਿਧਾਇਕ ਸ਼ੀਤਲ ਅੰਗੂਰਾਲ, ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਮੌਜੂਦ ਸਨ, ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਲੱਖਣ ਪਹਿਲਕਦਮੀ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ਕਰਵਾਈਆਂ ਗਈਆਂ, ਜਿਸ ਵਿੱਚ ਸੂਬੇ ਦੇ 350 ਵਿਕਾਸ ਬਲਾਕਾਂ ਵਿੱਚ ਤਿੰਨ ਲੱਖ ਤੋਂ ਵੱਧ ਲੋਕਾਂ ਨੇ ਭਾਗ ਲਿਆ।
ਇਸ ਦੌਰਾਨ ਖੇਡ ਮੰਤਰੀ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਮੈਰਾਥਨ ਕਰਵਾਉਣ ਲਈ ਜਲੰਧਰ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਜਲੰਧਰ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਦੌੜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੈਰਾਥਨ 21 ਕਿਲੋਮੀਟਰ, 10 ਕਿਲੋਮੀਟਰ ਅਤੇ ਪੰਜ ਕਿਲੋਮੀਟਰ ਸਮੇਤ ਤਿੰਨ ਵਰਗਾਂ ਵਿੱਚ ਕਰਵਾਈ ਜਾਵੇਗੀ ਅਤੇ ਵੱਖ-ਵੱਖ ਵਰਗਾਂ ਵਿੱਚ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੈਰਾਥਨ ਸਬੰਧੀ ਸਾਰੇ ਪ੍ਰਬੰਧਾਂ ਨੂੰ ਨਿਰਵਿਘਨ ਢੰਗ ਨਾਲ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਸਿੱਧ ਵੈਟਰਨ ਅਥਲੀਟ ਫੌਜਾ ਸਿੰਘ ਅਤੇ ਮੇਜਰ ਡੀ.ਕੇ.ਸਿੰਘ ਮੈਰਾਥਨ ਵਿੱਚ ਭਾਗ ਲੈਣਗੇ।