Home » ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਤ…
Home Page News India India News Religion

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਤ…

Spread the news

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਵੀ ਮੌਜੂਦ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਭਾਵੇਂ ਪਹਿਲਾਂ ਹੀ ਸੂਚਨਾ ਕੇਂਦਰ ਸਥਾਪਤ ਹੈ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਵੱਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਪਰ ਹੋਰਨਾਂ ਦੇਸਾਂ ਦੀ ਸੰਗਤ ਨੂੰ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਹਾਇਤਾ ਕੇਂਦਰ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਕਾਰਜ ਕਰੇਗਾ, ਜਿਸ ਤੋਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਾਹਾ ਪ੍ਰਾਪਤ ਕਰ ਸਕੇਗੀ। ਇਥੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ, ਇਥੇ ਸਥਿਤ ਹੋਰਨਾਂ ਅਸਥਾਨਾਂ, ਲੰਗਰ, ਸਰਾਵਾਂ ਤੇ ਹੋਰ ਲੋੜੀਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।