ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐੱਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗ਼ੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐੱਸਆਈ ਰਛਪਾਲ ਸਿੰਘ, ਜੋ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫ਼ੌਜੀ ਕਾਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਾਜਾਇਜ਼ ਤੌਰ ‘ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਅਦ ਪੈਸੇ ਲੈ ਕੇ ਛੱਡਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗ਼ੈਰਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ‘ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।