ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ 20 ਮਾਰਚ ਨੂੰ 2 ਦਿਨਾ ਭਾਰਤ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਸੀ ਹਿੱਤਾਂ ਨਾਲ ਜੁੜੇ ਦੁਵੱਲੇ ਅਤੇ ਖੇਤਰੀ ਮੁੱਦਿਆਂ ‘ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ 20-21 ਮਾਰਚ ਨੂੰ ਭਾਰਤ ਦੇ ਅਧਿਕਾਰਤ ਦੌਰੇ ‘ਤੇ ਆ ਰਹੇ ਹਨ।
ਬਿਆਨ ‘ਚ ਕਿਹਾ ਗਿਆ ਹੈ ਕਿ ਆਪਣੀ ਯਾਤਰਾ ਦੌਰਾਨ ਫੁਮਿਓ ਆਪਸੀ ਹਿੱਤਾਂ ਨਾਲ ਜੁੜੇ ਦੁਵੱਲੇ ਅਤੇ ਖੇਤਰੀ ਮੁੱਦਿਆਂ ‘ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੰਤਰਾਲੇ ਦੇ ਅਨੁਸਾਰ, ਦੋਵੇਂ ਧਿਰਾਂ ਜੀ-7 ਅਤੇ ਜੀ-20 ਦੀਆਂ ਆਪੋ-ਆਪਣੀ ਪ੍ਰਧਾਨਗੀ ਨਾਲ ਸਬੰਧਤ ਤਰਜੀਹਾਂ ‘ਤੇ ਵੀ ਚਰਚਾ ਕਰਨਗੇ।
ਜ਼ਿਕਰਯੋਗ ਹੈ ਕਿ ਜਾਪਾਨ ਇਸ ਸਾਲ ਜੀ-7 ਗਰੁੱਪ ਦੀ ਬੈਠਕ ਦੀ ਪ੍ਰਧਾਨਗੀ ਕਰੇਗਾ, ਜਦਕਿ ਭਾਰਤ ਜੀ-20 ਗਰੁੱਪ ਦੀ ਪ੍ਰਧਾਨਗੀ ਕਰ ਰਿਹਾ ਹੈ। ਇਨ੍ਹਾਂ ਗਰੁੱਪਾਂ ਦੀ ਪ੍ਰਧਾਨਗੀ ਦੋਵਾਂ ਦੇਸ਼ਾਂ ਲਈ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਰੂਸ-ਯੂਕ੍ਰੇਨ ਸੰਘਰਸ਼ ਦੇ ਪ੍ਰਭਾਵ ਸਮੇਤ ਕਈ ਅਹਿਮ ਮੁੱਦਿਆਂ ‘ਤੇ ਵਿਸ਼ਵ ਪੱਧਰ ‘ਤੇ ਚਰਚਾ ਹੋ ਰਹੀ ਹੈ।