Home » ਬੇਕਸੂਰੇ ਸਿੱਖ ਨੌਜੁਆਨਾਂ ਦੀ ਫੜੋ ਫੜਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ…
Home Page News India India News

ਬੇਕਸੂਰੇ ਸਿੱਖ ਨੌਜੁਆਨਾਂ ਦੀ ਫੜੋ ਫੜਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ…

Spread the news

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜੁਆਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿਚ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕਈ ਦੌਰ ਵੇਖੇ ਹਨ ਅਤੇ ਸੂਬੇ ਦੀ ਮੌਜੂਦਾ ਸਰਕਾਰ ਵੱਲੋਂ ਹਾਲਾਤਾਂ ਨੂੰ ਤਲਖ਼ ਕਰਨ ਵਿਚ ਇਕ ਹੋਰ ਅਧਿਆਇ ਸ਼ਾਮਲ ਕਰਨਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਫ਼ ਤੌਰ ’ਤੇ ਕਿਹਾ ਕਿ ਪੰਜਾਬ ਦੀ ਸਿੱਖ ਨੌਜੁਆਨੀ ਨੇ ਇਕੱਲੇ ਸੂਬੇ ਦੀ ਹੀ ਨਹੀਂ, ਸਗੋਂ ਦੇਸ਼ ਅਤੇ ਦੁਨੀਆਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਪਰੰਤੂ ਦੁੱਖ ਦੀ ਗੱਲ ਹੈ ਕਿ ਸਮੇਂ-ਸਮੇਂ ’ਤੇ ਜਾਣਬੁਝ ਕੇ ਸਿੱਖ ਨੌਜੁਆਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਪੰਜਾਬ ਦੀ ਮੌਜੂਦਾ ਸਰਕਾਰ ਵੀ ਅਜਿਹੀ ਹੀ ਗਲਤੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਕਸੂਰ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਤੌਰ ’ਤੇ ਹੀ ਕਾਰਵਾਈ ਕੀਤੀ ਜਾ ਸਕਦੀ ਹੈ। ਕਿਸੇ ਵੀ ਵਰਤਾਰੇ ਦੀ ਆੜ ਹੇਠ ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਬਿਲਕੁਲ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਆਖਿਆ ਕਿ ਸਿੱਖ ਨੌਜੁਆਨੀ ਅੰਦਰ ਚੇਤਨਾ ਦੇ ਅਮਲ ਨੂੰ ਦੋਸ਼ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ ਹੀ ਮੰਨੀ ਜਾਵੇਗੀ। ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਬੰਦ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੁਹਿਰਦ ਅਤੇ ਸੰਜੀਦਾ ਹੈ ਤਾਂ ਪੰਜਾਬ ਦੇ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਰਾਜਸੀ ਲਾਭ ਲਈ ਸਰਕਾਰ ਦੀ ਮਸ਼ੀਨਰੀ ਦੀ ਦੁਰਵਰਤੋਂ ਜਾਇਜ਼ ਨਹੀਂ ਹੈ।