Home » ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ…
Home Page News India India News

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ…

Spread the news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।