ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਕਈ ਤਾਕਤਾਂ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ ਪਰ ਸੂਬੇ ਦੀ ਸਾਂਤੀ, ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਿੱਖ ਕੌਮ ਦੇਸ਼ ਲਈ ਕੁਰਬਾਨੀਆਂ ਦੇਣ ਵਿਚ ਹਮੇਸ਼ਾ ਮੋਹਰੀ ਰਹੀ ਹੈ।
ਸੁਖਬੀਰ ਨੇ ਅੱਗੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਾਂ ਹਾਸਲ ਕਰਨ ਲਈ ਇਸ ਬਹਾਦਰ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਕਾਲੀ ਦਲ ਹਰ ਭਾਈਚਾਰੇ ਤੇ ਖ਼ਾਸਕਰ ਸਾਰੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਡਟ ਕੇ ਲੜੇਗਾ। ਉਨ੍ਹਾਂ ਕਿਹਾ ਕਿ ਇਕ ਆਪ੍ਰੇਸ਼ਨ ਦੀ ਆੜ ਵਿਚ ਬੇਕਸੂਰ ਨੌਜਵਾਨਾਂ ‘ਤੇ ਕੀਤੇ ਜਾ ਰਹੇ ਜਬਰ, ਜ਼ੁਲਮ ਅਤੇ ਗਿ੍ਫਤਾਰੀਆਂ ਨੂੰ ਤੁਰੰਤ ਬੰਦ ਕੀਤਾ ਜਾਵੇ ਤਾਂ ਜੋ ਪੰਜਾਬੀਆਂ ਵਿਚ ਫੈਲੇ ਭੈਅ ਤੇ ਬੇਚੈਨੀ ਨੂੰ ਠੱਲ੍ਹ ਪੈ ਸਕੇ।