Home » ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਮਾਨ…
Home Page News India India News

ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਮਾਨ…

Spread the news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਅਸੀਂ ਫਸਲ ਦੇ ਮੁੱਲ ਵਿਚ ਕਟੌਤੀ ਨਾ ਕਰਨ ਲਈ ਕੇਂਦਰ ਅੱਗੇ ਤਰਲੇ ਨਹੀਂ ਕੱਢਾਂਗੇ ਪਰ ਜਦੋਂ ਕੇਂਦਰ ਸਰਕਾਰ ਕੌਮੀ ਅਨਾਜ ਭੰਡਾਰ ਲਈ ਸਾਥੋਂ ਕਣਕ-ਝੋਨੇ ਸਪਲਾਈ ਮੰਗੇਗੀ, ਓਸ ਵੇਲੇ ਅਸੀਂ ਕਿਸਾਨਾਂ ਦੇ ਹਿੱਤ ਵਿਚ ਮੁਆਵਜ਼ਾ ਮੰਗਾਂਗੇ।”

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਪਰ ਕੇਂਦਰ ਸਰਕਾਰ ਨੇ ਔਖੇ ਸਮੇਂ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਲਟਾ ਨੁਕਸਾਨੀ ਫਸਲ, ਸੁੰਗੜੇ ਤੇ ਟੁੱਟੇ ਦਾਣਿਆਂ ਅਤੇ ਵੱਧ ਨਮੀ ਕਾਰਨ ਮੁੱਲ ਵਿਚ ਕਟੌਤੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਿਆ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਸੁੰਗੜੇ ਤੇ ਟੁੱਟੇ ਦਾਣਿਆਂ ਲਈ 18 ਫੀਸਦੀ ਤੱਕ ਢਿੱਲ ਦੇਣ ਦੇ ਨਾਲ ਹੀ ਸ਼ਰਤਾਂ ਥੋਪ ਦਿੱਤੀਆਂ। ਇਸ ਬਾਰੇ ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੇ ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਲਈ ਮੁੱਲ ਵਿਚ ਕੋਈ ਕਟੌਤੀ ਨਹੀਂ ਪਰ ਛੇ ਫੀਸਦੀ ਤੋਂ ਅੱਠ ਫੀਸਦੀ ਤੱਕ ਟੁੱਟੇ ਤੇ ਸੁੰਗੜੇ ਦਾਣਿਆਂ ਵਾਲੀ ਫਸਲ ਉਤੇ ਮੁੱਲ ਵਿਚ ਪ੍ਰਤੀ ਕੁਇੰਟਲ 5.31 ਰੁਪਏ ਦੀ ਕਟੌਤੀ ਲਾਗੂ ਕੀਤੀ ਗਈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਠ ਤੋਂ 10 ਫੀਸਦੀ ਤੱਕ ਪ੍ਰਤੀ ਕੁਇੰਟਲ 10.62 ਰੁਪਏ ਕਟੌਤੀ ਜਦਕਿ 10 ਤੋਂ 12 ਫੀਸਦੀ ਤੱਕ ਪ੍ਰਤੀ ਕੁਇੰਟਲ 15.93 ਰੁਪਏ ਕਟੌਤੀ ਦੀ ਸ਼ਰਤ ਲਾ ਦਿੱਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਇਸ ਆਪਹੁਦਰੇ ਫੈਸਲੇ ਨਾਲ 12 ਫੀਸਦੀ ਤੋਂ 14 ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਦੇ ਮੁੱਲ ਵਿਚ ਪ੍ਰਤੀ ਕੁਇੰਟਲ ਵਿਚ 21.25 ਰੁਪਏ ਦੀ ਕਾਟ, 14 ਤੋਂ 16 ਫੀਸਦੀ ਤੱਕ ਪ੍ਰਤੀ ਕੁਇੰਟਲ 26.56 ਰੁਪਏ ਦੀ ਕਾਟ ਜਦਕਿ 16 ਤੋਂ 18 ਫੀਸਦੀ ਤੱਕ ਮੁੱਲ ਵਿਚ ਪ੍ਰਤੀ ਕੁਇੰਟਲ 31.87 ਰੁਪਏ ਕਟੌਤੀ ਦੀ ਸ਼ਰਤ ਥੋਪ ਦਿੱਤੀ ਗਈ ਹੈ।