ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਵੀਰਵਾਰ ਨੂੰ ਫ਼ੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਹਾਂ ਆਗੂਆਂ ਵਿਚਾਲੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਹਮਰੁਤਬਾ ਰਿਸ਼ੀ ਸੁਨਕ ਅੱਗੇ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਲੈ ਕੇ ਗੱਲ ਰੱਖੀ। ਇਸ ਤੋਂ ਇਲਾਵਾ ਦੋਹਾਂ ਦੇਸ਼ਾਂ ਵਿਚਾਲੇ ਦੁਵੱਲੇ ਰਿਸ਼ਤਿਆਂ ਨੂੰ ਵੀ ਮਜ਼ਬੂਤ ਕਰਨ ਨੂੰ ਲੈ ਕੇ ਚਰਚਾ ਹੋਈ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਖ਼ਾਲਿਸਤਾਨੀ ਝੰਡੇ ਲਹਿਰਾਉਂਦੇ ਹੋਏ ਅਤੇ ਖ਼ਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਉੱਪਰ ਫਹਿਰਾਏ ਗਏ ਤਿਰੰਗੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਸੀ। ਭਾਰਤ ਨੇ ਇਸ ਘਟਨਾ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਭਾਰਤ ਨੇ ਘਟਨਾ ‘ਤੇ ਇਤਰਾਜ਼ ਜਤਾਉਂਦਿਆਂ ਮੰਗ ਕੀਤੀ ਸੀ ਕਿ ਇਸ ਘਟਨਾ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਖ਼ਿਲਾਫ਼ ਮੁਕੱਦਮੇ ਚਲਾਏ ਜਾਣ। ਨਾਲ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇ। ਵਿਦੇਸ਼ ਸਕੱਤਰ ਵਿਨੇ ਕਵਾਤਰਾ ਨੇ ਕਿਹਾ ਕਿ ਯੂ.ਕੇ. ਦੇ ਅਧਿਕਾਰੀ ਨੂੰ ਤਲਬ ਕਰ ਕੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ।
ਹਾਲਾਂਕਿ, ਬ੍ਰਿਟਿਸ਼ ਅਧਿਕਾਰੀਆਂ ਨੇ ਘਟਨਾ ਦੀ ਨਿਖੇਧੀ ਕੀਤੀ ਸੀ ਤੇ ਇਸ ਨੂੰ ‘ਅਪਮਾਨਜਨਕ’ ਤੇ ‘ਪੂਰੀ ਤਰ੍ਹਾਂ ਨਾਲ ਨਾਮਨਜ਼ੂਰ’ ਦੱਸਿਆ ਸੀ। ਲੰਡਨ ਦੇ ਮੇਅਰ ਸਾਦਿਕ ਖ਼ਾਨ ਨੇ ਟਵੀਟ ਕੀਤਾ ਸੀ, “ਮੈਂ ਅੱਜ ਭਾਰਤੀ ਹਾਈ ਕਮਿਸ਼ਨ ਵਿਚ ਹੋਈ ਹਿੰਸਕ ਅਰਾਜਕਤਾ ਤੇ ਭੰਨ-ਤੋੜ ਦੀ ਨਿਖੇਧੀ ਕਰਦਾ ਹਾਂ। ਇਸ ਤਰ੍ਹਾਂ ਦੇ ਵਤੀਰੇ ਲਈ ਸਾਡੇ ਸ਼ਹਿਰ ਵਿਚ ਕੋਈ ਜਗ੍ਹਾ ਨਹੀਂ ਹੈ।