ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਇਹ ਆਪ੍ਰੇਸ਼ਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਲੋਕਾਂ ਤੋਂ ਜਾਂਚ-ਪੜਤਾਲ ਵੀ ਕੀਤੀ।
ਸਪੈਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ‘ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ। । ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸੂਬੇ ਭਰ ਵਿੱਚ 550 ਪੈਟਰੋਲਿੰਗ ਪਾਰਟੀਆਂ, ਜਿਨ੍ਹਾਂ ਵਿੱਚ ਸੀ.ਏ.ਪੀ.ਐੱਫ. ਟੀਮਾਂ ਦੇ ਨਾਲ 5500 ਪੁਲਿਸ ਕਰਮਚਾਰੀ ਸ਼ਾਮਲ ਸਨ, ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ ‘ਤੇ ਕੀਤੇ ਗਏ ਆਪ੍ਰੇਸ਼ਨ ਦੌਰਾਨ 3304 ਦੇ ਕਰੀਬ ਲੋਕਾਂ ਦੀ ਚੈਕਿੰਗ ਕੀਤੀ ਗਈ।
ਆਪ੍ਰੇਸ਼ਨ ਦੇ ਨਤੀਜਿਆਂ ਬਾਰੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ 62 ਐਫ.ਆਈ.ਆਰਜ਼ ਦਰਜ ਕਰਕੇ 115 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਕੋਲੋਂ 900 ਗ੍ਰਾਮ ਹੈਰੋਇਨ ਅਤੇ 1.2 ਕਿਲੋ ਅਫੀਮ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ਅਤੇ ਨਸ਼ੇ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।