Home » ਕਰਨਾਟਕ ‘ਚ ਆਪਣੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਕਾਂਗਰਸ ‘ਤੇ ਰੱਜ ਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ…
Home Page News India India News

ਕਰਨਾਟਕ ‘ਚ ਆਪਣੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਕਾਂਗਰਸ ‘ਤੇ ਰੱਜ ਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ…

Spread the news

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਰਨਾਟਕ ਦੇ ਅਥਾਨੀ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਮਾਨ ਭਾਜਪਾ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਲੋਕਾਂ ਨੂੰ ‘ਆਪ’ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ‘ਝਾੜੂ’ ਦਾ ਬਟਨ ਦਬਾਉਣ ਦਾ ਮਤਲਬ ਹੈ ਚੰਗੇ ਭਵਿੱਖ ਅਤੇ ਸੁਨਹਿਰੀ ਕਿਸਮਤ ਲਈ ਬਟਨ ਦਬਾਉਣਾ। ਅਥਾਨੀ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਖਰਾਬ ਕਰਨਾ ਹੈ ਕਿਉਂਕਿ ਉਨ੍ਹਾਂ ਦੇ ਵਿਧਾਇਕ ਹਮੇਸ਼ਾ ਵਿਕਦੇ ਰਹਿੰਦੇ ਹਨ ਅਤੇ, ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਹੈ ਆਪਣੀ ਵੋਟ ਝੂਠ ਅਤੇ ‘ਜੁਮਲੇ’ ਨੂੰ ਦੇਣਾ ਕਿਉਂਕਿ ਅਸੀਂ ਸਾਰੇ ਜਾਣਦੇ ਹਾਂ ਕਿ ਸਾਡੇ ਵਿੱਚੋਂ ਕਿਸੇ ਨੂੰ ਵੀ ਨਰਿੰਦਰ ਮੋਦੀ ਦੁਆਰਾ ਕੀਤੇ 15 ਲੱਖ ਦੇ ਵਾਅਦੇ ‘ਚੋਂ ਹੁਣ ਤੱਕ ਇੱਕ ਪੈਸਾ ਵੀ ਨਹੀਂ ਮਿਲਿਆ। ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ 75 ਸਾਲਾਂ ਤੋਂ ਸਾਨੂੰ ਲੁੱਟ ਰਹੇ ਹਨ। ਉਨ੍ਹਾਂ ਨੇ ਸਾਡੇ ਬੱਚਿਆਂ ਨੂੰ ਪੜ੍ਹਾਈ ਤੋਂ ਲਾਂਭੇ ਕੀਤਾ, ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹ ਲਿਆ, ਸਾਡੇ ਬਜ਼ੁਰਗਾਂ ਦੀਆਂ ਦਵਾਈਆਂ ਲੁੱਟੀਆਂ ਅਤੇ ਸਾਡੇ ਸ਼ਹੀਦਾਂ ਦੇ ਕਫ਼ਨ ਲੁੱਟੇ।ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ, ਅਸੀਂ ਸਿਰਫ਼ ਇਮਾਨਦਾਰ ਆਗੂਆਂ ਨੂੰ ਹੀ ਚੋਣ ਲੜਨ ਲਈ ਅੱਗੇ ਲੈਕੇ ਆਉਂਦੇ ਹਾਂ। ਆਪਣੇ ‘ਝਾੜੂ’ ਨਾਲ ਅਸੀਂ ਦੇਸ਼ ਵਿੱਚ ਫੈਲੀ ਸਿਆਸੀ ਗੰਦਗੀ ਨੂੰ ਸਾਫ਼ ਕਰ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਨੰਬਰ ਇਕ ਬਣਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ, ਅਸੀਂ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੇ ਹਾਂ ਅਤੇ ਉਹ (ਭਾਜਪਾ) ਧਰਮ ਅਤੇ ਜਾਤ ਦੀ ਗੱਲ ਕਰਦੇ ਹਨ। ਇਸ ਲਈ ਉਹ ਕੋਈ ਵਿਕਾਸ ਨਹੀਂ ਕਰਦੇ ਅਤੇ ਸਿਰਫ ਲੋਕਾਂ ਵਿੱਚ ਨਫਰਤ ਫੈਲਾਉਂਦੇ ਹਨ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਹੀ ਗਰੀਬੀ ਨੂੰ ਦੂਰ ਕਰੇਗੀ। ਪਰ ਭਾਜਪਾ ਦਾ ਕੰਮ ਹੈ ਕਿ ਜੇਕਰ ਮਨੀਸ਼ ਸਿਸੋਦੀਆ ਗਰੀਬਾਂ ਲਈ ਵਿਸ਼ਵ ਪੱਧਰੀ ਸਕੂਲ ਬਣਾ ਰਿਹਾ ਹੈ, ਉਸ ਨੂੰ ਜੇਲ੍ਹ ਭੇਜ ਦੇਓ; ਜੇਕਰ ਸਤਿੰਦਰ ਜੈਨ ਨੇ ਦਿੱਲੀ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਅਤੇ ਮੁਹੱਲਾ ਕਲੀਨਿਕ ਬਣਾਏ ਜਿੱਥੇ ਸਾਰਾ ਇਲਾਜ ਮੁਫ਼ਤ ਹੈ, ਉਸਨੂੰ ਜੇਲ੍ਹ ਭੇਜ ਦੇਓ ਅਤੇ ਜੇਕਰ ਅਰਵਿੰਦ ਕੇਜਰੀਵਾਲ ਕੰਮ ਦੀ ਰਾਜਨੀਤੀ ਪੇਸ਼ ਕਰ ਰਿਹਾ ਹੈ ਅਤੇ ਦਿਨੋ ਦਿਨ ਵਧੇਰੇ ਪ੍ਰਸਿੱਧ ਹੋ ਰਿਹਾ ਹੈ, ਤਾਂ ਉਸਦੇ ਖਿਲਾਫ ਝੂਠਾ ਮੁਕੱਦਮਾ ਦਰਜ ਕਰਕੇ ਉਸਨੂੰ ਸੀਬੀਆਈ ਦਫਤਰ ਵਿੱਚ ਬੁਲਾ ਕੇ ਖੁਆਰ ਕਰੋ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅਤੇ ਕਰਨਾਟਕ ਦੀਆਂ ਸਮੱਸਿਆਵਾਂ ਇੱਕੋ ਜਿਹੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਭ੍ਰਿਸ਼ਟਾਚਾਰ ਤੋਂ ਆਜ਼ਾਦੀ ਚਾਹੀਦੀ ਹੈ। ਚੰਗੇ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੀ ਲੋੜ ਹੈ। ਕਾਰੋਬਾਰ ਕਰਨ ਲਈ ਚੰਗੇ ਮਾਹੌਲ ਦੀ ਲੋੜ ਹੈ। ਉਨ੍ਹਾਂ ਨੂੰ ਚੰਗੀਆਂ ਸੜਕਾਂ, ਚੰਗੇ ਬੁਨਿਆਦੀ ਢਾਂਚੇ ਦੀ ਲੋੜ ਹੈ ਅਤੇ ਇਹ ਸਭ ਸਿਰਫ਼ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ। ਉਨ੍ਹਾਂ ਪੰਜਾਬ ਵਿੱਚ ‘ਆਪ’ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 80 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਲੁੱਟਣ ਵਾਲੇ ਅੱਜ ਜੇਲ੍ਹਾਂ ਵਿੱਚ ਡੱਕੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਕੋਲੋਂ ਲੁੱਟੇ ਪੈਸੇ ਦੀ ਵਸੂਲੀ ਕਰਕੇ ਪੰਜਾਬ ਦਾ ਖ਼ਜ਼ਾਨਾ ਭਰ ਰਹੀ ਹੈ ਅਤੇ ਉਸ ਪੈਸੇ ਨਾਲ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਕੱਲੇ ਅਜਿਹੇ ਆਗੂ ਹਨ ਜੋ ਚਾਹੁੰਦੇ ਹਨ ਕਿ ਸਾਡਾ ਦੇਸ਼ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕੇਜਰੀਵਾਲ ਦੇ ਸੁਧਾਰਾਂ ਦੀ ਬਦੌਲਤ ਹੁਣ ਦਿੱਲੀ ਦੇ ਆਮ ਨਾਗਰਿਕਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਅਫਸਰ ਬਣ ਰਹੇ ਹਨ। ਕੇਜਰੀਵਾਲ ਨੇ ਦਿੱਲੀ ਵਿੱਚ ਆਪਣੀ ਸਰਕਾਰ ਦੌਰਾਨ 12 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਨੂੰ ਸਮਰਪਿਤ ਹੈ। ‘ਆਪ’ ਕਿਸੇ ਸਰਵੇਖਣ ‘ਚ ਨਹੀਂ ਆਉਂਦੀ, ਉਹ ਤਾਂ ਸਿੱਧੇ ਆਪਣੀ ਸਰਕਾਰ ਬਣਾਉਂਦੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਰਨਾਟਕ ਦੇ ਲੋਕਾਂ ਨੇ ਉਨ੍ਹਾਂ ਨੂੰ ਇੱਕ ਵਾਰ ਮੌਕਾ ਦਿੱਤਾ ਤਾਂ ਉਹ ਮੁੜ ਕਦੇ ਵੀ ਰਵਾਇਤੀ ਪਾਰਟੀਆਂ ਨੂੰ ਵੋਟ ਨਹੀਂ ਦੇਣਗੇ।