ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਬਾਦਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ।
ਅੰਤਿਮ ਸਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਜਾਵੇਗਾ। 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ।