ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਬੀਤੇ ਦਿਨਾਂ ਅੰਦਰ ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤਾ ਹੋਇਆ ਹੈ। ਅੱਜ ਨੌਜਵਾਨਾਂ ਨਾਲ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਾਕਾਤ ਕਰਵਾਈ ਗਈ।
ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਮ੍ਰਿਤਸਰ ਤੋਂ ਹਵਾਈ ਜਹਾਜ਼ ਰਾਹੀਂ ਅਸਾਮ ਲਈ ਲੈ ਕੇ ਗਏ ਸਨ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਮੁਲਾਕਾਤ ਦਾ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਨਜ਼ਰਬੰਦ 10 ਨੌਜਵਾਨਾਂ ਵਿੱਚੋਂ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁਲਾਕਾਤ ਲਈ ਅਸਾਮ ਲੈ ਕੇ ਪਹੁੰਚੇ ਸਨ।