Home » ਸ੍ਰੀ ਦਰਬਾਰ ਸਾਹਿਬ ਦੇ ਰਸਤੇ `ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ – ਐਡਵੋਕੇਟ ਧਾਮੀ…
Home Page News India

ਸ੍ਰੀ ਦਰਬਾਰ ਸਾਹਿਬ ਦੇ ਰਸਤੇ `ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ – ਐਡਵੋਕੇਟ ਧਾਮੀ…

Spread the news

ਸ੍ਰੀ ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਲੋੜ ਪੈਣ ਉੱਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਿਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਦੀ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਪਰ ਘਟਨਾਵਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਨਾਲ ਜੁੜੀਆਂ ਹੋਣ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਅਤਿ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਇਸ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਕਰਕੇ ਵੀ ਸੰਗਤ ਅਤੇ ਲੋਕਾਂ ਦੇ ਮਨਾਂ ਵਿੱਚ ਸ਼ੰਕੇ ਪੈਦਾ ਹੋਏ ਹਨ, ਇਸ ਲਈ ਸਰਕਾਰ ਨੂੰ ਜਲਦ ਹੀ ਜਾਂਚ ਮੁਕੰਮਲ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।