ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿਚ ਅਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਤਿਆਰ ਕੀਤੀ ਗਈ ਹੈ। ਇਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਦੋ ਵਾਰ ਹੋ ਚੁੱਕੀਆਂ ਵਿਸ਼ਾਲ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।
ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਲਾਉਣ ਲਈ ਨਿਰਵਿਘਨ ਸਿੰਚਾਈ ਯਕੀਨੀ ਬਣਾਉਣ ਵਾਸਤੇ ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।