Home » ਪੰਜਾਬ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡ ਕੀਤੇ ਬਲਾਕ: ਡੀਜੀਪੀ ਗੌਰਵ ਯਾਦਵ…
Home Page News India India News

ਪੰਜਾਬ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡ ਕੀਤੇ ਬਲਾਕ: ਡੀਜੀਪੀ ਗੌਰਵ ਯਾਦਵ…

Spread the news

ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ ਨੇ ਕਥਿਤ ਤੌਰ ‘ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰਵਾ ਦਿੱਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਵੱਲੋਂ ਦੂਰਸੰਚਾਰ ਵਿਭਾਗ (ਡੀਓਟੀ) ਦੇ ਸਹਿਯੋਗ ਨਾਲ ਪਛਾਣ ਦੇ ਜਾਅਲੀ ਸਬੂਤਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਜ਼ਿਆਦਾਤਰ ਸਾਈਬਰ ਅਪਰਾਧਾਂ ਅਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਜਾਅਲੀ ਦਸਤਾਵੇਜ਼ਾਂ ‘ਤੇ ਜਾਂ ਤੀਜੀ ਧਿਰ ਦੇ ਨਾਵਾਂ ਦੀ ਵਰਤੋਂ ਕਰਕੇ ਜਾਰੀ ਕੀਤੇ ਮੋਬਾਈਲ ਨੰਬਰਾਂ ਰਾਹੀਂ ਅੰਜ਼ਾਮ ਦਿੱਤਾ ਜਾਂਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਅਲੀ ਸਬੂਤਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਪੁਆਇੰਟ ਆਫ ਸੇਲਜ਼ (ਪੀਓਐਸ) ਡਿਸਟ੍ਰੀਬਿਊਟਰਾਂ/ਏਜੰਟਾਂ ਅਤੇ ਹੋਰ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਕਾਰਡਾਂ ਦੀ ਵਿਕਰੀ ਵਿੱਚ ਸ਼ਾਮਲ ਅਜਿਹੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ ਭਾਰਤੀ ਦੰਡਾਵਲੀ ਦੀ ਧਾਰਾ 420, 465, 467 ਅਤੇ 471 ਤਹਿਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।