Home » ਪੰਜਾਬ ਯੂਨੀਵਰਸਿਟੀ ‘ਤੇ ਪੰਜਾਬ ਦੇ ਹੱਕ ਨੂੰ ਲੈ ਕੇ CM ਮਾਨ ਨੇ ਡਟ ਕੇ ਰੱਖਿਆ ਆਪਣਾ ਪੱਖ…
Home Page News India India News

ਪੰਜਾਬ ਯੂਨੀਵਰਸਿਟੀ ‘ਤੇ ਪੰਜਾਬ ਦੇ ਹੱਕ ਨੂੰ ਲੈ ਕੇ CM ਮਾਨ ਨੇ ਡਟ ਕੇ ਰੱਖਿਆ ਆਪਣਾ ਪੱਖ…

Spread the news


ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅੱਜ ਇੱਥੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਰਿਕਾਰਡ ’ਤੇ ਰੱਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ, ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਅਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ। ਯੂਨੀਵਰਸਿਟੀ ਦਾ ਇਤਿਹਾਸ, ਵਿਧਾਨ, ਖਾਸਾ, ਸਮਾਜਿਕ-ਸੱਭਿਆਚਾਰ ਤੇ ਇਤਿਹਾਸਕ ਜੜ੍ਹਾਂ ਦੇ ਨਾਲ-ਨਾਲ ਅਧਿਆਪਕ ਤੇ ਵਿਦਿਆਰਥੀ ਵੀ ਮੁੱਢਲੇ ਤੌਰ ਉਤੇ ਪੰਜਾਬ ਸੂਬੇ ਨਾਲ ਸਬੰਧਤ ਹੋਣ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਚੇਤੇ ਕਰਵਾਉਂਦਿਆਂ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।