ਅਧਿਆਪਕਾਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਰੈਗੁਲਰ ਹੋਏ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਵਾਧੇ ਦੇ ਇਤਿਹਾਸਕ ਫੈਸਲੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਫੈਸਲੇ ਦਾ ਸਵਾਗਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੋਕੀ ਬਿਆਨਬਾਜ਼ੀ ਤੋਂ ਸਿਵਾਏ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੁੱਝ ਨਹੀਂ ਕੀਤਾ। ਦੂਜੇ ਪਾਸੇ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਕੇ ਅਤੇ ਹੁਣ ਤਨਖ਼ਾਹ ਵਿੱਚ ਵਾਧਾ ਕਰ ਕੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਲਈ ਸਮੁੱਚਾ ਅਧਿਆਪਕ ਭਾਈਚਾਰਾ ਮੁੱਖ ਮੰਤਰੀ ਦਾ ਕਰਜ਼ਦਾਰ ਹੈ।
ਵਫ਼ਦ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਮਿਸਾਲੀ ਫੈਸਲੇ ਦਾ ਲਾਭ ਪੰਜਾਬ ਦੇ ਕਰੀਬ 12700 ਅਧਿਆਪਕਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱਚ ਸਹਾਈ ਸਿੱਧ ਹੋਵੇਗੀ।
“ਅਸੀਂ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮਾਨ ਸਰਕਾਰ ਨੇ ਸਾਨੂੰ ਤਨਖਾਹ ਵਾਧੇ ਦਾ ਤੋਹਫ਼ਾ ਦਿੱਤਾ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਸਰਕਾਰ ਭਵਿੱਖ ਵਿੱਚ ਸਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇਗੀ।”