Amrit vele da Hukamnama Sri Darbar Sahib, Sri Amritsar, Ang 765, 29-06-23
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।