ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾ ਦਿੱਤੀ ਗਈ। ਸਿੱਖ ਫਾਰ ਜਸਟਿਸ (SFJ) ਦੇ ਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਟਨਾ ਇਸ ਦੇ ਐਲਾਨ ਦੇ ਅਗਲੇ ਹੀ ਦਿਨ ਭਾਵ 1 ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ ਸੀ।
ਇਹ ਘਟਨਾ ਸ਼ਨੀਵਾਰ ਨੂੰ ਹੋਈ, ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ।ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ।
ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇਸ ‘ਚ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਹਾਲਾਂਕਿ ਇਸ ‘ਚ ਭਾਰਤੀ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਅੱਗ ‘ਤੇ ਕੁਝ ਹੀ ਸਮੇਂ ‘ਚ ਕਾਬੂ ਪਾ ਲਿਆ ਗਿਆ।
ਵੀਡੀਓ ਵਿੱਚ ਇਸ ਨੂੰ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਦੱਸਿਆ ਗਿਆ ਹੈ। ਵੀਡੀਓ ਵਿੱਚ ਖਾਲਿਸਤਾਨ ਸਮਰਥਕਾਂ ਨੇ ਕਿਹਾ ਕਿ ਹਿੰਸਾ-ਹਿੰਸਾ ਨੂੰ ਜਨਮ ਦਿੰਦੀ ਹੈ। ਅੱਤਵਾਦੀ ਨਿੱਝਰ ਨੂੰ ਪਿਛਲੇ ਮਹੀਨੇ ਕੈਨੇਡਾ ਦੇ ਸਰੀ ਵਿੱਚ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀ ਮਾਰ ਦਿੱਤੀ ਸੀ।
ਪਿਛਲੇ ਦਿਨੀਂ ਅੱਤਵਾਦੀ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ 8 ਜੁਲਾਈ ਨੂੰ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਅਤੇ ਯੂਰਪੀ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇੰਨਾ ਹੀ ਨਹੀਂ ਪੰਨੂ ਨੇ ਇਨ੍ਹਾਂ ਰੈਲੀਆਂ ਨੂੰ ‘ਕਿੱਲ ਇੰਡੀਆ’ ਦਾ ਨਾਂ ਦਿੱਤਾ ਹੈ। ਜਿਸ ਵਿੱਚ 21-21 ਸਿੱਖਾਂ ਦਾ ਜਥਾ ਭਾਰਤੀ ਦੂਤਾਵਾਸਾਂ ਦੇ ਬਾਹਰ ਪ੍ਰਦਰਸ਼ਨ ਕਰੇਗਾ ਅਤੇ ਤਿਰੰਗੇ ਦਾ ਅਪਮਾਨ ਕਰਨ ਦੀ ਗੱਲ ਵੀ ਕਹੀ ਗਈ ਹੈ।
ਪੰਨੂ ਦੀ ਧਮਕੀ ਅਤੇ ਇਸ ਘਟਨਾ ਤੋਂ ਬਾਅਦ ਭਾਰਤੀ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਦੇ ਨਾਲ ਹੀ ਨਿੱਝਰ ਦੇ ਕਤਲ ਤੋਂ ਬਾਅਦ ਅੱਤਵਾਦੀ ਪੰਨੂ ਵੀ ਰੂਪੋਸ਼ ਚੱਲ ਰਿਹਾ ਹੈ। ਜਾਂਚ ਏਜੰਸੀਆਂ ਉਸ ਦੀ ਲੋਕੇਸ਼ਨ ਟਰੇਸ ਕਰਨ ਵਿੱਚ ਜੁਟੀਆਂ ਹੋਈਆਂ ਹਨ।
ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਘਰ ‘ਤੇ ਵੀ ਮਾਰਚ ਮਹੀਨੇ ਹਮਲਾ ਹੋਇਆ ਸੀ। ਪੰਜਾਬ ਵਿੱਚ, ਖਾਲਿਸਤਾਨ ਪੱਖੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਪੁਲਿਸ ਕਾਰਵਾਈ ਨੂੰ ਲੈ ਕੇ 19 ਮਾਰਚ ਨੂੰ ਭਾਰਤੀ ਦੂਤਾਵਾਸ ਵਿੱਚ ਖਾਲਿਸਤਾਨੀ ਇਕੱਠੇ ਹੋਏ ਸਨ। ਉਨ੍ਹਾਂ ਨੇ ਪਹਿਲਾਂ ਭੰਨਤੋੜ ਕੀਤੀ ਅਤੇ ਬਾਅਦ ਵਿੱਚ ਇੱਥੇ ਲਗਾਏ ਗਏ ਤਿਰੰਗੇ ਨੂੰ ਉਤਾਰ ਦਿੱਤਾ। ਇੰਨਾ ਹੀ ਨਹੀਂ ਦੂਤਾਵਾਸ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਤਿਰੰਗਾ ਵੀ ਲਹਿਰਾਇਆ ਗਿਆ ਸੀ।