Home » ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ ਭਗਵੰਤ ਮਾਨ…
Home Page News India India News

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ ਭਗਵੰਤ ਮਾਨ…

Spread the news


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।