Home » ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਅਤੇ ਪਰਮਜੀਤ ਸਿੰਘ ਸਰਨਾ ਨੇ ਪ੍ਰਗਟਾਇਆ ਦੁੱਖ…
Home Page News India India News

ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਅਤੇ ਪਰਮਜੀਤ ਸਿੰਘ ਸਰਨਾ ਨੇ ਪ੍ਰਗਟਾਇਆ ਦੁੱਖ…

Spread the news

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖ ਇਤਿਹਾਸ, ਰਵਾਇਤਾਂ ਅਤੇ ਵਿਰਸੇ ਨਾਲ ਸਬੰਧਤ ਮੌਲਿਕ ਖੋਜ ਕਿਰਤਾਂ ਇਤਿਹਾਸ ਦੇ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਹਮੇਸ਼ਾਂ ਅਗਵਾਈ ਦਿੰਦੀਆਂ ਰਹਿਣਗੀਆਂ। ਐਡਵੋਕੇਟ ਧਾਮੀ ਅਤੇ ਸਰਨਾ ਨੇ ਕਿਹਾ ਕਿ ਸ. ਪ੍ਰਿਥੀਪਾਲ ਸਿੰਘ ਕਪੂਰ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਵੀ ਯਾਦ ਰੱਖਣਯੋਗ ਸੇਵਾਵਾਂ ਦਿੱਤੀਆਂ ਅਤੇ ਸਿੱਖੀ ਪ੍ਰਚਾਰ ਲਈ ਕਈ ਵੱਡਮੁੱਲੇ ਸੁਝਾਅ ਦਿੰਦੇ ਰਹੇ। ਸ. ਕਪੂਰ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਵਿਦਵਾਨ ਤੋਂ ਵਾਂਝਾ ਹੋ ਗਿਆ ਹੈ, ਜਿਸ ਦੀ ਪੂਰਤੀ ਅਸੰਭਵ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਅਤੇ ਸਰਨਾ ਨੇ ਸ. ਪ੍ਰਿਥੀਪਾਲ ਸਿੰਘ ਕਪੂਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ।