Amrit wele da Hukamnama Sri Darbar Sahib, Sri Amritsar, Ang 648, 11-09-23
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।