ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 26 ਸਤੰਬਰ ਦਾ ਫਿਰੋਜ਼ਪੁਰ ਦੌਰਾ ਰੱਦ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਉਹ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਵਾਲੇ ਸਨ। ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਦੌਰਾ ਨਿੱਜੀ ਕਾਰਨਾਂ ਕਰਕੇ ਰੱਦ ਕੀਤਾ ਗਿਆ ਹੈ। ਭਾਜਪਾ ਵਰਕਰ ਸ਼ਾਹ ਦੇ ਦੌਰੇ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਸਨ, ਹੁਣ ਪੂਰਾ ਪ੍ਰੋਗਰਾਮ ਰੱਦ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 26 ਸਤੰਬਰ ਨੂੰ ਅਮਿਤ ਸ਼ਾਹ ਅੰਮ੍ਰਿਤਸਰ ਵਿੱਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਉਹ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ, ਚੰਡੀਗੜ੍ਹ ਦੇ ਪ੍ਰਮੁੱਖ ਨੁਮਾਇੰਦਿਆਂ ਨਾਲ ਸਰਹੱਦੀ ਖੇਤਰ ਦੀ ਸੁਰੱਖਿਆ ਅਤੇ ਵਿਕਾਸ ਕਾਰਜਾਂ ਬਾਰੇ ਚਰਚਾ ਕਰਨਗੇ।