ਚੋਣ ਕਮਿਸ਼ਨ ਨੇ ਰਾਜਸਥਾਨ ‘ਚ ਬੁੱਧਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਇਸ ਤੋਂ ਪਹਿਲਾਂ ਰਾਜਸਥਾਨ ਵਿੱਚ 23 ਨਵੰਬਰ ਨੂੰ ਵੋਟਿੰਗ ਹੋਣੀ ਸੀ। ਹਾਲਾਂਕਿ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੀ ਹੋਵੇਗੀ। ਦਰਅਸਲ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਸੀ।
ਚੋਣ ਕਮਿਸ਼ਨ ਨੇ ਰਾਜਸਥਾਨ ‘ਚ ਵੱਡੇ ਪੱਧਰ ‘ਤੇ ਹੋਣ ਵਾਲੇ ਵਿਆਹਾਂ ਅਤੇ ਸਮਾਜਿਕ ਪ੍ਰੋਗਰਾਮਾਂ ਦਾ ਹਵਾਲਾ ਦਿੰਦੇ ਹੋਏ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਸੂਬੇ ਵਿੱਚ 23 ਨਵੰਬਰ ਦੀ ਬਜਾਏ 25 ਨਵੰਬਰ ਨੂੰ ਵੋਟਾਂ ਪੈਣਗੀਆਂ।
ਚੋਣ ਕਮਿਸ਼ਨ ਨੇ ਇਕ ਬਿਆਨ ‘ਚ ਕਿਹਾ ਕਿ ਵੋਟਿੰਗ ਦੀ ਤਰੀਕ ‘ਚ ਬਦਲਾਅ ਲਈ ਵੱਖ-ਵੱਖ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਤੋਂ ਵੱਡੇ ਪੱਧਰ ‘ਤੇ ਅਰਜ਼ੀਆਂ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਵਿੱਚ ਸਿਰਫ ਵੋਟਿੰਗ ਦੀ ਤਰੀਕ ਹੀ ਬਦਲੀ ਹੈ। ਇਸ ਤੋਂ ਇਲਾਵਾ ਨਾਮਜ਼ਦਗੀ ਦਾਖਲ ਕਰਨ, ਨਾਮਜ਼ਦਗੀ ਵਾਪਸ ਲੈਣ ਅਤੇ ਵੋਟਾਂ ਦੀ ਗਿਣਤੀ ਦੀ ਤਰੀਕ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਦੱਸ ਦਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਪਰ ਰਾਜਸਥਾਨ ‘ਚ ਬੁੱਧਵਾਰ ਨੂੰ ਹੋਣ ਵਾਲੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ।