ਸਮਲਿੰਗੀ ਵਿਆਹ ਮਾਮਲੇ ‘ਚ ਲੰਬੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਅੱਜ ਸਵੇਰੇ 10.30 ਵਜੇ ਆਪਣਾ ਫੈਸਲਾ ਸੁਣਾ ਸਕਦੀ ਹੈ। ਸਮਲਿੰਗੀ ਵਿਆਹ ਦਾ ਸਮਰਥਨ ਕਰਨ ਵਾਲੇ ਪਟੀਸ਼ਨਰਾਂ ਨੇ ਮੰਗ ਕੀਤੀ ਹੈ ਕਿ ਇਸ ਨੂੰ ਸਪੈਸ਼ਲ ਮੈਰਿਜ ਐਕਟ ਤਹਿਤ ਰਜਿਸਟਰ ਕੀਤਾ ਜਾਵੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਇਸ ਨੂੰ ਭਾਰਤੀ ਸਮਾਜ ਦੇ ਖਿਲਾਫ ਕਰਾਰ ਦਿੱਤਾ ਹੈ।
ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨਾਂ ‘ਚ ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ 2018 ‘ਚ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਆਈਪੀਸੀ ਦੀ ਧਾਰਾ 377 ਦੇ ਇਕ ਹਿੱਸੇ ਨੂੰ ਰੱਦ ਕਰ ਦਿੱਤਾ ਸੀ, ਜੋ ਸਮਲਿੰਗਤਾ ਨੂੰ ਅਪਰਾਧ ਮੰਨਦੀ ਹੈ। ਇਸ ਫੈਸਲੇ ਤੋਂ ਬਾਅਦ ਜੇਕਰ ਦੋ ਬਾਲਗ ਆਪਸੀ ਸਹਿਮਤੀ ਨਾਲ ਸਮਲਿੰਗੀ ਸਬੰਧ ਰੱਖਦੇ ਹਨ ਤਾਂ ਇਹ ਅਪਰਾਧ ਨਹੀਂ ਹੈ। ਅਜਿਹੇ ‘ਚ ਸਮਲਿੰਗੀ ਵਿਆਹ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ।
ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਕਰ ਰਹੀ ਸੀ। ਬੈਂਚ ਨੇ ਦਸ ਦਿਨ ਦੀ ਸੁਣਵਾਈ ਤੋਂ ਬਾਅਦ 11 ਮਈ ਨੂੰ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਵਿੱਚ ਜਸਟਿਸ ਸੰਜੇ ਕਿਸ਼ਨ ਕੌਲ, ਐਸ ਰਵਿੰਦਰ ਭੱਟ, ਹਿਮਾ ਕੋਹਲੀ ਅਤੇ ਪੀਐਸ ਨਰਸਿਮਹਾ ਸ਼ਾਮਲ ਸਨ।