Home » ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ…
Home Page News India India News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ…

Spread the news

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ ‘ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਗੁਰੂ ਜਸ ਗਾਇਨ ਕਰਨਗੇ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਨੂੰ ਧਾਰਮਿਕ ਅਗਵਾਈ ਦੇਣ ਵਾਲਾ ਹੈ। ਉਨ੍ਹਾ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਵਿੱਚੋਂ ਨਿਮਰਤਾ, ਸੇਵਾ, ਸਿਮਰਨ, ਹਲੀਮੀ, ਸਹਿਜ ਆਦਿ ਦੇ ਗੁਣ ਪ੍ਰਗਟ ਹੁੰਦੇ ਹਨ, ਜੋ ਮਨੁੱਖੀ ਜੀਵਨ ਨੂੰ ਸੁਖਾਵਾਂ ਅਤੇ ਮੁਕੰਮਲ ਬਣਾਉਣ ਵਿਚ ਵੱਡਾ ਮਹੱਤਵ ਰੱਖਦੇ ਹਨ।  ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ਆਸ਼ੇ ਅਨੁਸਾਰ ਜੀਵਨ  ਬਤੀਤ ਕਰੀਏ। ਐਡਵੋਕੇਟ ਧਾਮੀ ਨੇ ਆਖਿਆ ਕਿ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਗੁਰੂ ਸਾਹਿਬਾਨ ਦੀ ਮੁੱਲਵਾਨ ਵਿਚਾਰਧਾਰਾ ਮਨੁੱਖਤਾ ਲਈ ਪ੍ਰੇਰਨਾ ਦਾ ਅਮੁੱਕ ਸੋਮਾ ਹੈ।
ਵਰਣਨਯੋਗ ਹੈ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾ ਵਿੱਚ ਸਥਿਤ ਹੋਰ ਅਸਥਾਨਾਂ ‘ਤੇ ਫੁੱਲਾਂ ਦੀ ਸੁੰਦਰ ਸਜ਼ਾਵਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਜਾਣਗੇ। ਜਿਸ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ।  ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਰਾਤ ਨੂੰ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ।