ਬਠਿੰਡਾ ਵਿੱਚ ਹਰਮਨ ਕੁਲਚਾ ਦੇ ਮਾਲਕ ਅਤੇ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਜੌਹਲ ਉਰਫ਼ ਮੇਲਾ ਦੇ ਕਤਲ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਡੱਲਾ ਨੇ ਮੰਗਲਵਾਰ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ – ਹਾਲ ਹੀ ਵਿੱਚ, ਮਾਲ ਰੋਡ ਸੰਗਠਨ ਦੇ ਪ੍ਰਧਾਨ ਮੇਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਮੈਂ ਇਸ ਕਤਲ ਦੀ ਪੂਰੀ ਜ਼ਿੰਮੇਵਾਰੀ ਲਈ ਹੈ। ਮਲਟੀ ਸਟੋਰੀ ਪਾਰਕਿੰਗ ਦੇ ਠੇਕੇ ਨੂੰ ਲੈ ਕੇ ਉਨ੍ਹਾਂ ਦਾ ਮੇਲੇ ਨਾਲ ਵਿਵਾਦ ਹੋ ਗਿਆ ਸੀ। ਮੇਲਾ ਨੂੰ ਕਈ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਉਸ ਦੇ ਕੰਮ ਵਿਚ ਦਖ਼ਲ ਨਾ ਦੇਵੇ, ਪਰ ਉਹ ਸਮਝਣ ਨੂੰ ਤਿਆਰ ਨਹੀਂ ਸੀ। ਜਿਸ ਕਾਰਨ ਅਸੀਂ ਕਤਲ ਕਰ ਦਿੱਤਾ।
ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਇੰਟਰਨੈਟ ਮੀਡੀਆ ਤੋਂ ਮਿਲੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਦਾ ਖੁਲਾਸਾ ਕੀਤਾ ਜਾਵੇਗਾ। ਬਠਿੰਡਾ ਦੇ ਸਭ ਤੋਂ ਵੱਡੇ ਅਤੇ ਪੌਸ਼ ਵਪਾਰਕ ਖੇਤਰ ਮਾਲ ਰੋਡ ‘ਤੇ ਸਥਿਤ ਮਸ਼ਹੂਰ ਹਰਮਨ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਸ਼ਨਿਚਰਵਾਰ ਸ਼ਾਮ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਉਸ ਨੂੰ 5 ਗੋਲੀਆਂ ਮਾਰ ਦਿੱਤੀਆਂ।
ਜਦੋਂ ਗੋਲੀਬਾਰੀ ਹੋਈ ਤਾਂ ਹਰਮਨ ਅੰਮ੍ਰਿਤਸਰ ਕੁਲਚਾ ਦਾ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਆਪਣੇ ਰੈਸਟੋਰੈਂਟ ਦੇ ਬਾਹਰ ਕੁਰਸੀ ‘ਤੇ ਬੈਠਾ ਸੀ।ਗੋਲੀਆਂ ਚਲਾਉਣ ਤੋਂ ਬਾਅਦ ਬਦਮਾਸ਼ ਉਥੋਂ ਫ਼ਰਾਰ ਹੋ ਗਏ। ਜੌਹਲ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜੌਹਲ ਬਠਿੰਡਾ ਦੀ ਮਾਲ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਸਨ।